ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਨਵੀਂ ਦਿੱਲੀ - ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸ਼ੁਰੂ ਕਰਨ ਸਬੰਧੀ ਪਾਕਿਸਤਾਨ ਨੇ ਨਿਯਮ ਤੇ ਸ਼ਰਤਾਂ ਤੈਅ ਕਰ ਦਿੱਤੀਆਂ ਹਨ ਅਤੇ ਭਾਰਤ ਦੇ ਸਾਰੇ ਪ੍ਰਸਤਾਵਾਂ ਦਾ ਵਿਰੋਧ ਕੀਤਾ ਹੈ | ਇਕ ਸਰਕਾਰੀ ਅਧਿਕਾਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਕਿਸਤਾਨ ਨੇ ਲਾਂਘੇ ਸਬੰਧੀ ਭਾਰਤ ਦੇ ਸਾਰੇ ਪ੍ਰਸਤਾਵਾਂ ਦਾ ਜਾਂ ਤਾਂ ਵਿਰੋਧ ਕੀਤਾ ਹੈ ਜਾਂ ਉਨ੍ਹਾਂ 'ਤੇ ਸ਼ਰਤਾਂ ਲਗਾ ਦਿੱਤੀਆਂ ਹਨ ਅਤੇ ਕਿਹਾ ਹੈ ਕਿ ਇਕ ਦਿਨ 'ਚ ਕੇਵਲ 700 ਸ਼ਰਧਾਲੂ ਹੀ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ | ਪਾਕਿਸਤਾਨ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਕੇਵਲ ਇਕ ਵਿਸ਼ੇਸ਼ ਪਰਮਿਟ ਦੇ ਤਹਿਤ ਅਤੇ ਫ਼ੀਸ ਦੇਣ ਦੇ ਬਾਅਦ ਹੀ ਕਰਤਾਰਪੁਰ ਸਾਹਿਬ ਜਾਣ ਦੀ ਆਗਿਆ ਦਿੱਤੀ ਜਾਵੇਗੀ, ਜਦੋਂਕਿ ਭਾਰਤ ਨੇ ਵੀਜ਼ਾ ਮੁਕਤ ਅਤੇ ਬਿਨਾਂ ਕਿਸੇ ਫ਼ੀਸ ਦੇ ਯਾਤਰਾ ਦੀ ਤਜਵੀਜ਼ ਦਿੱਤੀ ਸੀ | ਭਾਰਤ ਨੇ ਆਪਣੇ ਪ੍ਰਸਤਾਵ 'ਚ ਕਿਹਾ ਸੀ ਕਿ ਭਾਰਤੀ ਨਾਗਰਿਕਾਂ ਦੇ ਇਲਾਵਾ ਓ. ਆਈ. ਸੀ. ਕਾਰਡ ਧਾਰਕ ਪ੍ਰਵਾਸੀ ਭਾਰਤੀ ਸ਼ਰਧਾਲੂਆਂ ਨੂੰ ਵੀ ਗੁਰਦੁਆਰਾ ਸਾਹਿਬ ਜਾਣ ਦੀ ਆਗਿਆ ਦਿੱਤੀ ਜਾਵੇ ਪਰ ਪਾਕਿਸਤਾਨ ਨੇ ਕਿਹਾ ਕਿ ਕੇਵਲ ਭਾਰਤੀ ਨਾਗਰਿਕਾਂ ਨੂੰ ਹੀ ਜਾਣ ਦੀ ਆਗਿਆ ਦਿੱਤੀ ਜਾਵੇਗੀ | ਭਾਰਤ ਨੇ ਸੁਝਾਅ ਦਿੱਤਾ ਸੀ ਕਿ ਹਫ਼ਤੇ ਦੇ ਸੱਤ ਦਿਨ ਅਤੇ 365 ਦਿਨ ਲਾਂਘਾ ਖੋਲਿ੍ਹਆ ਜਾਵੇ ਪਰ ਪਾਕਿਸਤਾਨ ਨੇ ਕਿਹਾ ਕਿ ਕੇਵਲ 'ਯਾਤਰਾ ਦੇ ਦਿਨਾਂ' ਦੌਰਾਨ ਹੀ ਸ਼ਰਧਾਲੂਆਂ ਨੂੰ ਜਾਣ ਦੀ ਆਗਿਆ ਦਿੱਤੀ ਜਾਵੇਗੀ | ਭਾਰਤ ਨੇ ਇਕ ਦਿਨ 'ਚ 5,000 ਸ਼ਰਧਾਲੂਆਂ ਨੂੰ ਜਾਣ ਦੀ ਆਗਿਆ ਦੇਣ ਦਾ ਪ੍ਰਸਤਾਵ ਦਿੱਤਾ ਸੀ ਪਰ ਪਾਕਿਸਤਾਨ ਨੇ ਕਿਹਾ ਕਿ ਇਕ ਦਿਨ 'ਚ 700 ਤੋਂ ਵੱਧ ਸ਼ਰਧਾਲੂਆਂ ਨੂੰ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ | ਵਿਸ਼ੇਸ਼ ਦਿਨਾਂ ਦੌਰਾਨ 10,000 ਸ਼ਰਧਾਲੂਆਂ ਨੂੰ ਜਾਣ ਦੀ ਆਗਿਆ ਦੇਣ ਦੇ ਪ੍ਰਸਤਾਵ ਦਾ ਪਾਕਿ ਨੇ ਕੋਈ ਜਵਾਬ ਨਹੀਂ ਦਿੱਤਾ | ਭਾਰਤ ਨੇ ਕਿਹਾ ਸੀ ਕਿ ਸ਼ਰਧਾਲੂਆਂ ਨੂੰ ਇਕੱਲਿਆਂ ਜਾਂ ਸਮੂਹਾਂ 'ਚ ਜਾਣ ਦੀ ਆਗਿਆ ਦਿੱਤੀ ਜਾਵੇ ਪਰ ਪਾਕਿ ਨੇ ਕਿਹਾ ਕਿ ਕੇਵਲ 15 ਵਿਅਕਤੀਆਂ ਦੇ ਸਮੂਹ ਨੂੰ ਹੀ ਜਾਣ ਦੀ ਆਗਿਆ ਦਿੱਤੀ ਜਾਵੇਗੀ | ਪਾਕਿਸਤਾਨ ਰਾਵੀ ਦਰਿਆ 'ਤੇ ਪੁਲ ਬਣਾਉਣ ਸਬੰਧੀ ਭਾਰਤ ਦੇ ਪ੍ਰਸਤਾਵ 'ਤੇ ਸਹਿਮਤ ਨਹੀਂ ਹੋਇਆ ਅਤੇ ਨਾ ਹੀ ਸ਼ਰਧਾਲੂਆਂ ਨੂੰ ਪੈਦਲ ਜਾਣ ਦੀ ਆਗਿਆ ਦੇਣ ਸਬੰਧੀ ਪ੍ਰਸਤਾਵ 'ਤੇ ਕੋਈ ਜਵਾਬ ਦਿੱਤਾ | ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਪਾਕਿਸਤਾਨ ਵਲੋਂ ਸਹਿਯੋਗ ਨਾ ਕਰਨ ਦੇ ਬਾਵਜੂਦ ਕਰਤਾਰਪੁਰ ਲਾਂਘੇ ਦੇ ਨਿਰਮਾਣ ਸਬੰਧੀ ਕੰਮ ਜ਼ੋਰਾਂ 'ਤੇ ਚੱਲ ਰਹੇ ਹਨ ਅਤੇ 12 ਨਵੰਬਰ ਨੂੰ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਸ ਪ੍ਰਾਜੈਕਟ ਨੂੰ ਮੁਕੰਮਲ ਕਰ ਲਿਆ ਜਾਵੇਗਾ |

   

  ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਹਰ ਸਿੱਖ ਨੂੰ ਸਿਆਸਤ ਤੋਂ ਉਪਰ ਉਠ ਕੇ ਇਕਜੁੱਟਤਾ ਨਾਲ ਮਨਾਉਣਾ ਚਾਹੀਦਾ ਹੈ ਤਾਂ ਜੋ ਵਿਸ਼ਵ ਵਿਚ ਇਹ ਸੁਨੇਹਾ ਜਾਵੇ ਕਿ ਸਮੁੱਚਾ ਸਿੱਖ ਭਾਈਚਾਰਾ ਇਕ ਹੈ। ਅਕਾਲ ਤਖ਼ਤ ਦੇ ਸਕੱਤਰੇਤ ਵਿਚ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਆਖਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਇਕ ਮੰਚ ਤੋਂ ਇਕਜੁੱਟਤਾ ਨਾਲ ਮਨਾਉਣ ਸਬੰਧੀ ਉਨ੍ਹਾਂ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਦੋਵਾਂ ਨੂੰ ਪੱਤਰ ਜਾਰੀ ਕੀਤੇ ਸਨ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੀ ਯਤਨਸ਼ੀਲ ਸੀ ਅਤੇ ਹੁਣ ਪੰਜਾਬ ਸਰਕਾਰ ਨੇ ਹਾਂ ਪੱਖੀ ਹੁੰਗਾਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਵਿਅਕਤੀ ਚਾਹੇ ਕਾਂਗਰਸ ’ਚ ਹੋਵੇ ਜਾਂ ਅਕਾਲੀ ਦਲ ਵਿਚ, ਉਹ ਪਹਿਲਾਂ ਸਿੱਖ ਹੈ ਅਤੇ ਉਸ ਨੂੰ ਇਹ ਪ੍ਰਕਾਸ਼ ਪੁਰਬ ਸਮਾਗਮ ਸਿਆਸਤ ਤੋਂ ਉਪਰ ਉਠ ਕੇ ਇਕਜੁੱਟਤਾ ਨਾਲ ਮਨਾਉਣਾ ਚਾਹੀਦਾ ਹੈ।
  ਸ਼ਿਲੌਂਗ ਦੇ ਸਿੱਖਾਂ ’ਤੇ ਬਣੀ ਮੁਸ਼ਕਲ ਬਾਰੇ ਉਨ੍ਹਾਂ ਆਖਿਆ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਦੋਵੇਂ ਹੀ ਸ਼ਿਲੌਂਗ ਸਰਕਾਰ ਨਾਲ ਗੱਲਬਾਤ ਕਰ ਰਹੇ ਹਨ। ਇਨ੍ਹਾਂ ਤੋਂ ਇਲਾਵਾ ਪੰਜਾਬ ਸਰਕਾਰ ਨੇ ਵੀ ਗੱਲਬਾਤ ਕੀਤੀ ਹੈ ਅਤੇ ਸ਼ਿਲੌਂਗ ਸਰਕਾਰ ਨੇ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਦਾ ਭਰੋਸਾ ਦਿੱਤਾ ਹੈ। ਸਿੱਖ ਰੈਫਰੈਂਸ ਲਾਇਬਰੇਰੀ ਦੇ ਮਾਮਲੇ ਵਿੱਚ ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਜਾਂਚ ਕਰਾਉਣ ਲਈ ਹਦਾਇਤ ਕੀਤੀ ਹੈ ਜਿਸ ਦੀ ਰਿਪੋਰਟ ਆਉਣ ਮਗਰੋਂ ਅਗਲੇਰੀ ਕਾਰਵਾਈ ਹੋਵੇਗੀ। ਉਨ੍ਹਾਂ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵਲੋਂ ਬਰਗਾੜੀ ਮਾਮਲੇ ਵਿਚ ‘ਸਿਟ’ ਕੋਲ ਪੇਸ਼ ਹੋਣ ਅਤੇ ਬਿਆਨ ਦੇਣ ਦੇ ਮਾਮਲੇ ਵਿਚ ਕੁਝ ਵੀ ਕਹਿਣ ਤੋਂ ਇਨਕਾਰ ਕੀਤਾ। ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਨਿਯੁਕਤ ਕਰਨ ਦੇ ਮਾਮਲੇ ਬਾਰੇ ਉਨ੍ਹਾਂ ਆਖਿਆ ਕਿ ਇਸ ਸਬੰਧੀ ਬਣਾਈ ਗਈ ਕਮੇਟੀ ਯੋਗ ਉਮੀਦਵਾਰ ਦੀ ਭਾਲ ਕਰ ਰਹੀ ਹੈ। ਇਸ ਅਹੁਦੇ ’ਤੇ ਪੰਥਕ ਸੋਚ ਵਾਲੇ ਯੋਗ ਵਿਅਕਤੀ ਨੂੰ ਤਾਇਨਾਤ ਕੀਤਾ ਜਾਵੇਗਾ।

  ਅੰਮ੍ਰਿਤਸਰ - ਸਿੱਖ ਨੌਜਵਾਨ ਨੂੰ ਝੂਠੇ ਪੁਲੀਸ ਮੁਕਾਬਲੇ ਵਿਚ ਮਾਰਨ ਦੇ ਦੋਸ਼ ਹੇਠ ਚਾਰ ਪੁਲੀਸ ਕਰਮਚਾਰੀਆਂ ਨੂੰ ਦਿੱਤੀ ਗਈ ਸਜ਼ਾ ਨੂੰ ਸਰਕਾਰ ਵਲੋਂ ਮੁਆਫ ਕੀਤੇ ਜਾਣ ਦੇ ਫੈਸਲੇ ਨੂੰ ਸਿੱਖ ਜਥੇਬੰਦੀਆਂ ਨੇ ਕਾਨੂੰਨ ਅਤੇ ਨਿਆਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ। ਸਿੱਖ ਜਥੇਬੰਦੀ ਦਲ ਖਾਲਸਾ ਨੇ ਸਰਕਾਰ ਦੀ ਇਸ ਕਾਰਵਾਈ ਨੂੰ ਘੱਟ ਗਿਣਤੀ ਸਿੱਖਾਂ ਪ੍ਰਤੀ ਪੱਖਪਾਤੀ ਵਤੀਰਾ ਕਰਾਰ ਦਿੱਤਾ। ਇਸੇ ਤਰ੍ਹਾਂ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ ਮੁਆਫੀ ਦਾ ਸਖਤ ਵਿਰੋਧ ਦਰਜ ਕਰਵਾਇਆ ਹੈ।
  ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਸਿੱਖ ਕੈਦੀ 20-20 ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਹਨ ਅਤੇ ਉਨ੍ਹਾਂ ਦੀ ਸਜ਼ਾ ਦੀ ਮਿਆਦ ਪੂਰੀ ਹੋਣ ਦੇ ਬਾਵਜੂਦ ਵੀ ਜੇਲ੍ਹਾਂ ਤੋਂ ਰਿਹਾਅ ਨਹੀਂ ਕੀਤਾ ਜਾ ਰਿਹਾ। ਦੂਜੇ ਪਾਸੇ ਸਿੱਖ ਨੌਜਵਾਨ ਨੂੰ ਝੂਠੇ ਮੁਕਾਬਲੇ ਵਿਚ ਮਾਰਨ ਦੇ ਦੋਸ਼ੀ ਸਾਬਤ ਹੋਣ ਦੇ ਬਾਵਜੂਦ ਸਿਰਫ ਸਾਢੇ ਚਾਰ ਸਾਲ ਦੀ ਕੈਦ ਮਗਰੋਂ ਹੀ ਚਾਰ ਪੁਲੀਸ ਕਰਮਚਾਰੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਬਰਗਾੜੀ ਮੋਰਚੇ ਦੇ ਪ੍ਰਬੰਧਕਾਂ ਨਾਲ ਵਾਅਦਾ ਕੀਤਾ ਸੀ ਕਿ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਨੂੰ ਸਥਾਈ ਪੈਰੋਲ ਅਤੇ ਅਗਾਊਂ ਰਿਹਾਈ ਦੇਣਗੇ ਪਰ ਇਹ ਵਾਅਦਾ ਸਿਰਫ ਸਟੰਟ ਨਿਕਲਿਆ। ਉਨ੍ਹਾਂ ਕਿਹਾ ਕਿ ਚਾਰ ਪੁਲੀਸ ਮੁਲਾਜ਼ਮਾਂ ਦੇ ਕੇਸ ਦੀ ਜਾਂਚ ਸੀਬੀਆਈ ਨੇ ਕੀਤੀ ਅਤੇ ਸਜ਼ਾ ਵੀ ਸੀਬੀਆਈ ਅਦਾਲਤ ਨੇ ਦਿੱਤੀ ਹੈ। ਅਜਿਹੇ ਮਾਮਲੇ ਵਿਚ ਸੂਬਾ ਸਰਕਾਰ ਕੇਂਦਰ ਦੀ ਮਨਜ਼ੂਰੀ ਤੋਂ ਬਿਨਾਂ ਦੋਸ਼ੀਆਂ ਨੂੰ ਰਿਹਾਅ ਨਹੀਂ ਕਰ ਸਕਦੀ। ਇਸ ਤੋਂ ਪਹਿਲਾਂ ਗੁਰਮੀਤ ਪਿੰਕੀ ਨੂੰ ਵੀ ਸਿਰਫ 8 ਸਾਲ ਸਜ਼ਾ ਭੁਗਤਣ ਮਗਰੋਂ ਮੁਆਫੀ ਦੇ ਕੇ ਰਿਹਾਅ ਕੀਤਾ ਜਾ ਚੁੱਕਾ ਹੈ।
  ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੀ ਮੁਖੀ ਬੀਬੀ ਪਰਮਜੀਤ ਕੌਰ ਖਾਲੜਾ ਅਤੇ ਪ੍ਰਵੀਨ ਕੁਮਾਰ ਨੇ ਆਖਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਹਰਦੀਪ ਸਿੰਘ ਨੂੰ ਛੇ ਅਕਤੂਬਰ 1993 ਵਿਚ ਹਿਰਾਸਤ ਵਿਚ ਲੈਣ ਮਗਰੋਂ ਛੇ ਦਿਨਾਂ ਬਾਅਦ ਹੀ ਝੂਠੇ ਮੁਕਾਬਲੇ ਵਿਚ ਮਾਰ ਦਿੱਤਾ ਗਿਆ ਸੀ। ਹਾਈਕੋਰਟ ਵੱਲੋਂ ਮਾਮਲੇ ਦੀ ਜਾਂਚ ਸੀਬੀਆਈ ਨੂੰ ਦਿੱਤੀ ਗਈ ਅਤੇ 2014 ਵਿਚ ਚਾਰਾਂ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਗਈ ਸੀ ਪਰ ਹੁਣ ਪੰਜਾਬ ਸਰਕਾਰ ਦੀ ਸਿਫਾਰਸ਼ ’ਤੇ ਗਵਰਨਰ ਨੇ ਸਾਰੇ ਦੋਸ਼ੀਆਂ ਦੀ ਸਜ਼ਾ ਮੁਆਫ ਕਰਕੇ ਜੇਲ੍ਹਾਂ ਤੋਂ ਬਾਹਰ ਕਰ ਦਿੱਤਾ ਹੈ।
  ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਦਹਾਕਿਆਂ ਤੋਂ ਕਈ ਸਿੱਖ ਗੈਰਕਾਨੂੰਨੀ ਨਜ਼ਰਬੰਦ ਹਨ ਪਰ ਕਿਸੇ ਸਰਕਾਰ ਨੇ ਉਨ੍ਹਾਂ ਦੀ ਰਿਹਾਈ ਲਈ ਕਾਰਵਾਈ ਨਹੀਂ ਕੀਤੀ। ਇਸੇ ਤਰ੍ਹਾਂ 21 ਸਿੱਖ ਨੌਜਵਾਨ, ਜਿਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਪੇਸ਼ ਕਰਾਇਆ ਸੀ ਅਤੇ ਬਾਅਦ ਵਿਚ ਮਾਰ ਦਿੱਤੇ ਗਏ, ਦੇ ਮਾਮਲੇ ਵਿਚ ਵੀ ਕੋਈ ਸੁਣਵਾਈ ਨਹੀਂ ਹੋਈ।

  ਕੋਟਕਪੁਰਾ - ਪਟਿਆਲਾ ਦੀ ਨਾਭਾ ਜੇਲ੍ਹ ਵਿੱਚ ਮਾਰੇ ਗਏ ਡੇਰਾ ਸੱਚਾ ਸੌਦਾ ਦੇ ਮੁੱਖ ਪੈਰੋਕਾਰ ਮਹਿੰਦਰਪਾਲ ਬਿੱਟੂ ਦੇ ਪਰਿਵਾਰ ਨੇ ਉਸ ਦੇ ਸਸਕਾਰ ਬਾਰੇ ਹਾਲੇ ਤੱਕ ਕੋਈ ਫੈਸਲਾ ਨਹੀਂ ਲਿਆ। ਇਸ ਕਾਰਨ ਪੁਲਿਸ ਦੀਆਂ ਚਿੰਤਾਵਾਂ ਵਧਣ ਲੱਗੀਆਂ ਹਨ। ਪਰਿਵਾਰ ਨੇ ਇਲਜ਼ਾਮ ਲਾਇਆ ਕਿ ਇਹ ਇੱਕ ਸਾਜ਼ਿਸ਼ ਹੈ। ਸਾਨੂੰ ਇਸ ਦਾ ਇਨਸਾਫ ਮਿਲਣਾ ਚਾਹੀਦਾ ਹੈ।
  ਬਿੱਟੂ ਦੇ ਬੇਟੇ ਅਰਵਿੰਦਰ ਨੇ ਦੱਸਿਆ ਕਿ ਉਨ੍ਹਾਂ ਨੇ ਫਰੀਦਕੋਟ ਰੇਂਜ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ ਨਾਲ ਗੱਲਬਾਤ ਦੌਰਾਨ ਸਸਕਾਰ ਦਾ ਕੋਈ ਫ਼ੈਸਲਾ ਨਹੀਂ ਲਿਆ। ਪਰ ਇਸ ਦੇ ਨਾਲ ਹੀ ਕਿਹਾ ਕਿ ਉਨ੍ਹਾਂ ਨੂੰ ਇਨਸਾਫ ਚਾਹੀਦਾ ਹੈ। ਸਰਕਾਰ ਸਭ ਜਾਣਦੀ ਹੈ। ਸਰਕਾਰ ਨੂੰ ਪਤਾ ਹੈ ਕਿ ਇਨਸਾਫ ਕਿਵੇਂ ਦਿਵਾਇਆ ਜਾਵੇ।
  ਇਸ ਤੋਂ ਪਹਿਲਾਂ ਨੇ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਪਰਿਵਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪਰਿਵਾਰ ਦੇ ਨਾਲ ਹਮਦਰਦੀ ਜਤਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਛੇਤੀ ਤੋਂ ਛੇਤੀ ਬਿੱਟੂ ਦਾ ਸਸਕਾਰ ਕਰਨ ਬਾਰੇ ਵੀ ਅਪੀਲ ਕੀਤੀ। ਪਰਿਵਾਰ ਫਿਲਹਾਲ ਪਰਿਵਾਰ ਨੇ ਇਸ ਗੱਲ ਤੋਂ ਟਾਲ਼ਾ ਵੱਟ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਚਨਬੰਦ ਹਨ।

  ਨਾਭਾ - ਡੇਰਾ ਸਿਰਸਾ ਨਾਲ ਜੁੜੇ ਆਗੂ ਮਹਿੰਦਰਪਾਲ ਸਿੰਘ ਬਿੱਟੂ ਦੀ ਨਾਭਾ ਜੇਲ੍ਹ ਵਿਚ ਹੱਤਿਆ ਕਰ ਦਿੱਤੀ ਗਈ। ਜੇਲ੍ਹ ਵਿਚ ਕੈਦੀਆਂ ਨੇ ਹੀ ਸਰੀਆ ਮਾਰ ਕੇ ਮਹਿੰਦਰਪਾਲ ਦਾ ਕਤਲ ਕਰ ਦਿੱਤਾ। ਮਹਿੰਦਰਪਾਲ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ਾਂ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਸਿਟੀ ਪੁਲਿਸ ਕੋਟਰਪੁਰਾ ਨੇ ਏਐਸਆਈ ਪ੍ਰੀਤਮ ਸਿੰਘ ਦੀ ਸ਼ਿਕਾਇਤ ਦੇ ਆਧਾਰ ਉਤੇ 13 ਜੂਨ 2018 ਨੂੰ ਕੇਸ ਦਰਜ ਕੀਤਾ ਸੀ। ਪੁਲਿਸ ਨੇ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਵਿਚ ਵੀ ਮਹਿੰਦਰਪਾਲ ਬਿੱਟੂ ਨੂੰ ਦੋਸ਼ੀ ਨਾਮਜ਼ਦ ਕੀਤਾ ਹੋਇਆ ਹੈ। ਬਿੱਟੂ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦਾ ਮੈਂਬਰ ਸੀ। ਪੁਲਿਸ ਨੂੰ ਪਿੱਛੇ ਜਹੇ ਸੂਹ ਵੀ ਮਿਲੀ ਸੀ ਕਿ ਬਿੱਟੂ ਉਤੇ ਹਮਲੇ ਹੋ ਸਕਦਾ ਹੈ ਪਰ ਇਸ ਪਾਸੇ ਧਿਆਨ ਨਾ ਦਿੱਤਾ ਗਿਆ। ਕੈਦੀ ਮਹਿੰਦਰ ਸਿੰਘ ਤੇ ਗੁਰਸੇਵਕ ਸਿੰਘ ਨੇ ਬਿੱਟੂ ਉਤੇ ਹਮਲਾ ਕੀਤਾ।
  ਪੁਲਿਸ ਦਾ ਕਹਿਣਾ ਹੈ ਕਿ ਕੈਦੀਆਂ ਵਿਚ ਹੋਈ ਝੜਪ ਵਿਚ ਅੰਡਰ ਟਰਾਇਲ ਕੈਦੀ ਬਿੱਟੂ ਦੀ ਮੌਤ ਹੋ ਗਈ। ਜੇਲ੍ਹ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਹਿੰਦਰਪਾਲ ਉਤੇ ਜੇਲ੍ਹ ਵਿਚ ਬੰਦ ਹੋਰ ਕੈਦੀਆਂ ਵੱਲੋਂ ਹਮਲਾ ਕੀਤਾ ਗਿਆ।
  ਉਨ੍ਹਾਂ ਦੱਸਿਆ ਕਿ ਜੇਲ੍ਹ ਵਿਚ ਸਰੀਏ ਨਾਲ ਮਹਿੰਦਰਪਾਲ ਉਤੇ ਹਮਲਾ ਕੀਤਾ ਗਿਆ ਜਿਸ ਵਿਚ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਜੇਲ੍ਹ ਵਿਚ ਉਸਾਰੀ ਦਾ ਕੰਮ ਚੱਲ ਰਿਹਾ ਸੀ। ਇਥੇ ਪਏ ਸਰੀਏ ਨਾਲ ਕੈਦੀ ਮਹਿੰਦਰ ਸਿੰਘ ਤੇ ਗੁਰਸੇਵਕ ਸਿੰਘ ਨੇ ਹਮਲਾ ਕੀਤਾ। ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ।

  ਚੰਡੀਗੜ੍ਹ - 1980-90 ਦੇ ਦਹਾਕਿਆਂ ਦੌਰਾਨ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਥਾਂ-ਥਾਂ 'ਤੇ ਭਾਰਤੀ ਸੁਰੱਖਿਆ ਮਹਿਕਮਿਆਂ ਵੱਲੋਂ ਕੀਤੇ ਗਏ ਸਿੱਖਾਂ ਦੇ ਮਨੁੱਖੀ ਹੱਕਾਂ ਦੇ ਘਾਣ ਦੀਆਂ ਕਹਾਣੀਆਂ ਜਗ ਜਾਹਰ ਹਨ ਜਦੋਂ ਹਜ਼ਾਰਾਂ ਸਿੱਖ ਨੌਜਵਾਨਾਂ 'ਤੇ ਥਾਣਿਆਂ ਵਿੱਚ ਗੈਰ ਕਾਨੂੰਨੀ ਅਤੇ ਕਾਨੂੰਨੀ ਹਿਰਾਸਤਾਂ ਦੌਰਾਨ ਜ਼ਾਲਮਾਨਾ ਤਸ਼ੱਦਦ ਕੀਤਾ ਗਿਆ ਤੇ ਝੂਠੇ ਮਕਾਬਲੇ ਬਣਾ ਕੇ ਮਾਰ ਦਿੱਤਾ ਗਿਆ। ਅਜਿਹੇ ਜ਼ੁਲਮਾਂ ਦੀਆਂ ਕਈ ਕਹਾਣੀਆਂ ਜੱਗ ਜਾਹਰ ਹੋ ਚੁੱਕੀਆਂ ਹਨ ਪਰ ਬਹੁਤੀਆਂ 'ਤੇ ਅਜੇ ਵੀ ਪਰਦਾ ਹੀ ਪਿਆ ਹੈ। ਪਰ ਜਿਹਨਾਂ ਮਾਮਲਿਆਂ ਵਿੱਚ ਦੁੱਖਾਂ ਦੇ ਝੰਬੇ ਮਾਪਿਆਂ ਨੇ ਆਪਣੇ ਵਾਰਿਸਾਂ ਦੇ ਇਨਸਾਫ ਲਈ ਭਾਰਤੀ ਅਦਾਲਤਾਂ 'ਚ ਠੋਕਰਾਂ ਖਾਦੀਆਂ ਤੇ 20-20 ਸਾਲਾਂ ਤੋਂ ਵੱਧ ਲੰਬੀ ਲੜਾਈ ਲੜ ਕੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਈਆਂ ਉਹਨਾਂ ਲਈ ਉਸ ਸਮੇਂ ਭਾਰਤੀ ਨਿਜ਼ਾਮ ਦੀ ਇੱਕ ਹੋਰ ਮੌਤ ਹੁੰਦੀ ਹੈ ਜਦੋਂ ਐਨੀ ਲੰਬੀ ਲੜਾਈ ਮਗਰੋਂ ਜੇਲ੍ਹ ਪਹੁੰਚੇ ਦੋਸ਼ੀ ਪੁਲਸ ਅਫਸਰਾਂ ਨੂੰ ਉਹਨਾਂ ਦੇ ਸੂਬੇ ਦੇ ਮੁੱਖ ਮੰਤਰੀ ਦੀ ਸਿਫਾਰਿਸ਼ ਅਤੇ ਭਾਰਤ ਦੀ ਕੇਂਦਰੀ ਹਕੂਮਤ ਦੇ ਨੁਮਾਂਇੰਦੇ ਗਵਰਨਰ ਦੇ ਇੱਕ ਦਸਤਖਤ ਨਾਲ ਮੁਆਫ ਕਰ ਦਿੱਤਾ ਜਾਂਦਾ ਹੈ।
  ਅਜਿਹਾ ਮਾਮਲਾ ਸਾਹਮਣੇ ਆਇਆ ਹੈ 26 ਸਾਲਾ ਸਿੱਖ ਨੌਜਵਾਨ ਹਰਜੀਤ ਸਿੰਘ ਦੇ ਅਕਤੂਬਰ 1993 ਵਿੱਚ ਬਣਾਏ ਗਏ ਝੂਠੇ ਪੁਲਸ ਮੁਕਾਬਲੇ ਦੇ ਦੋਸ਼ੀਆਂ ਸਬੰਧੀ। ਸਾਲ 2014 ਵਿੱਚ ਹਰਜੀਤ ਸਿੰਘ ਪੁੱਤਰ ਮਜਿੰਦਰ ਸਿੰਘ ਵਾਸੀ ਸਹਾਰਨ ਮਾਜਰਾ ਪਿੰਡ ਜ਼ਿਲ੍ਹਾ ਲੁਧਿਆਣਾ ਦੇ ਝੂਠੇ ਮੁਕਾਬਲੇ ਦੇ ਮਾਮਲੇ 'ਚ ਉੱਤਰ ਪ੍ਰਦੇਸ਼ ਪੁਲਸ ਦੇ ਐੱਸ ਪੀ ਰਾਜੀਵ ਕੁਮਾਰ, ਇੰਸਪੈਕਟਰ ਬ੍ਰਿਜ ਲਾਲ ਵਰਮਾ, ਸਿਪਾਹੀ ਓਂਕਾਰ ਸਿੰਘ ਅਤੇ ਪੰਜਾਬ ਪੁਲਸ ਦੇ ਇੰਸਪੈਕਟਰ ਹਰਿੰਦਰ ਸਿੰਘ ਨੂੰ ਪਟਿਆਲਾ ਦੀ ਸੀਬੀਆਈ ਅਦਾਲਤ ਨੇ ਦੋਸ਼ੀ ਮੰਨਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
  ਇਹਨਾਂ ਦੋਸ਼ੀ ਪੁਲਸ ਵਾਲਿਆਂ ਨੂੰ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪੁਲਸ ਦੇ ਡੀਜੀਪੀ ਦਿਨਕਰ ਗੁਪਤਾ ਦੀ ਸਿਫਾਰਿਸ਼ 'ਤੇ ਗਵਰਨਰ ਵੀਪੀ ਸਿੰਘ ਬਦਨੌਰ ਨੇ ਮੁਆਫ ਕਰ ਦਿੱਤਾ ਹੈ। ਇਸ ਮੁਆਫੀ ਖਿਲਾਫ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਅਤੇ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਦੇ ਮੁਖੀ ਬੀਬੀ ਪਰਮਜੀਤ ਕੌਰ ਖਾਲੜਾ ਵੱਲੋਂ ਸਖਤ ਪ੍ਰਤੀਕਰਮ ਦਿੰਦਿਆਂ ਇਸ ਮੁਆਫੀ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
  ਸੁਖਬੀਰ ਸਿੰਘ ਬਾਦਲ ਨੇ ਆਪਣੇ ਬਿਆਨ ਵਿੱਚ ਕਿਹਾ, "ਮੈਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿਖੇਧੀ ਕਰਦਾ ਹਾਂ, ਜਿਸਨੇ ਉਨ੍ਹਾਂ ਚਾਰ ਪੁਲਿਸ ਮੁਲਾਜ਼ਮਾਂ ਨੂੰ ਮਾਫ਼ੀ ਦੇਣ ਦੀ ਸਿਫ਼ਾਰਿਸ਼ ਕੀਤੀ ਹੈ ਜਿਨ੍ਹਾਂ ਨੇ ਸਮੇਂ ਤੋਂ ਪਹਿਲਾਂ ਤਰੱਕੀ ਲੈਣ ਦੇ ਲਾਲਚ ਵਿੱਚ ਅੰਨ੍ਹੇ ਹੋ ਕੇ, 1993 'ਚ ਇੱਕ ਬੇਕਸੂਰ ਸਿੱਖ ਨੌਜਵਾਨ ਨੂੰ ਅਗਵਾ ਕਰਕੇ ਕਤਲ ਕਰ ਦਿੱਤਾ ਸੀ। ਇਹ ਕਿਸੇ ਕੀਮਤ 'ਤੇ ਪ੍ਰਵਾਨਯੋਗ ਨਹੀਂ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਇਸ ਹੁਕਮ ਨੂੰ ਰੱਦ ਕਰਵਾ ਕੇ ਦੋਸ਼ੀਆਂ ਨੂੰ ਉਨ੍ਹਾਂ ਦੀ ਬਣਦੀ ਸਜ਼ਾ ਦੁਆਉਣ ਲਈ ਹਰ ਹੱਦ ਤੱਕ ਸੰਘਰਸ਼ ਕਰੇਗਾ।"
  "ਅਸੀਂ ਲੁਧਿਆਣਾ ਦੇ ਪਿੰਡ ਸਹਾਰਨ ਮਾਜਰਾ ਪਿੰਡ ਦੇ ਹਰਜੀਤ ਸਿੰਘ ਦੇ ਪਰਿਵਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ, ਜਿਸ ਨੂੰ ਚਾਰ ਪੁਲਿਸ ਮੁਲਾਜ਼ਮਾਂ ਨੇ ਅਗਵਾ ਕਰਕੇ ਕਤਲ ਕਰ ਦਿੱਤਾ ਸੀ, ਤੇ ਇਨ੍ਹਾਂ ਪੁਲਿਸ ਮੁਲਾਜ਼ਮਾਂ ਵਿੱਚ ਤਿੰਨ ਉੱਤਰ ਪ੍ਰਦੇਸ਼ ਤੋਂ ਸਨ। ਮੈਂ ਪੀੜਤ ਪਰਿਵਾਰ ਨੂੰ ਯਕੀਨ ਦਿਵਾਉਂਦਾ ਹਾਂ ਕਿ ਉਨ੍ਹਾਂ ਦੁਆਰਾ 20 ਸਾਲਾਂ ਤੋਂ ਲੜੀ ਜਾ ਰਹੀ ਇਨਸਾਫ਼ ਦੀ ਲੜਾਈ, ਵਿਅਰਥ ਨਹੀਂ ਜਾਵੇਗੀ। ਇਨਸਾਫ਼ ਪ੍ਰਾਪਤੀ ਦੇ ਇਸ ਸੰਘਰਸ਼ ਨੂੰ ਹੁਣ ਸ਼੍ਰੋਮਣੀ ਅਕਾਲੀ ਦਲ ਪੂਰੇ ਸਿੱਖ ਭਾਈਚਾਰੇ ਵੱਲੋਂ ਅੱਗੇ ਵਧਾਵੇਗਾ, ਅਤੇ ਜਦੋਂ ਤੱਕ ਸਵ. ਹਰਜੀਤ ਸਿੰਘ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲ ਜਾਂਦਾ ਅਸੀਂ ਚੈਨ ਨਾਲ ਨਹੀਂ ਬੈਠਾਂਗੇ।"
  ਬੀਬੀ ਪਰਮਜੀਤ ਕੌਰ ਖਾਲੜਾ ਨੇ ਕਿਹਾ ਕਿ ਇਹ ਮੁਆਫੀ ਸਾਬਤ ਕਰਦੀ ਹੈ ਕਿ ਭਾਰਤੀ ਸੱਤਾ ਅੱਜ ਵੀ ਮਨੁੱਖੀ ਹੱਕਾਂ ਦਾ ਘਾਣ ਕਰਨ ਵਾਲੇ ਦੋਸ਼ੀ ਪੁਲਸੀਆਂ ਨੂੰ ਪਨਾਹ ਦੇਣ ਦੀ ਨੀਤੀ 'ਤੇ ਚਲ ਰਹੀ ਹੈ ਜਿਹਨਾਂ ਪੰਜਾਬ ਵਿੱਚ ਮਨੁੱਖਤਾ ਦਾ ਘਾਣ ਕੀਤਾ।
  ਸੁਖਪਾਲ ਸਿੰਘ ਖਹਿਰਾ ਨੇ ਵੀਡੀਓ ਸੰਦੇਸ਼ ਰਾਹੀਂ ਕਿਹਾ ਕਿ ਗਵਰਨਰ, ਮੁੱਖ ਮੰਤਰੀ ਅਤੇ ਡੀਜੀਪੀ ਨੇ ਇਹ ਮੁਆਫੀ ਦੇ ਕੇ ਇਨਸਾਨੀਅਤ ਅਤੇ ਇਨਸਾਫ ਖਿਲਾਫ ਵੱਡਾ ਜ਼ੁਰਮ ਕੀਤਾ ਹੈ। ਸੁਖਪਾਲ ਸਿੰਘ ਖਹਿਰਾ ਨੇ ਇਸ ਮੁਆਫੀ ਦੇ ਹੁਕਮਾਂ ਨੂੰ ਵਾਪਿਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਗਵਰਨਰ ਵੱਲੋਂ ਆਪਣੀ ਤਾਕਤ ਦੀ ਗਲਤ ਵਰਤੋਂ ਕਰਦਿਆਂ ਦਿੱਤੀ ਇਸ ਮੁਆਫੀ ਖਿਲਾਫ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਲੋਕ ਹਿੱਤ ਅਪੀਲ (ਪੀਆਈਐੱਲ) ਪਾਉਣਗੇ।
  26 ਸਾਲਾ ਅੰਮ੍ਰਿਤਧਾਰੀ ਸਿੱਖ ਨੌਜਵਾਨ ਹਰਜੀਤ ਸਿੰਘ ਕਿਸੇ ਵੀ ਹਥਿਆਰਬੰਦ ਕਾਰਵਾਈ ਜਾ ਖਾੜਕੂਆਂ ਨਾਲ ਕਿਸੇ ਵੀ ਤਰ੍ਹਾਂ ਦੇ ਸੰਪਰਕ ਵਿੱਚ ਨਹੀ ਸੀ। ਉਸਨੂੰ 6 ਅਕਤੂਬਰ, 1993 ਨੂੰ ਉਸਦੇ ਘਰ ਤੋਂ ਅਗਵਾ ਕੀਤਾ ਗਿਆ ਤੇ ਪੁਲਸ ਦੇ ਬੁਚੜਖਾਨਿਆਂ ਵਿੱਚ ਰੱਖ ਕੇ ਉਸ ਉੱਤੇ ਤਸ਼ੱਦਦ ਕੀਤਾ ਗਿਆ। 12-13 ਅਕਤੂਬਰ, 1993 ਦੀ ਦਰਮਿਆਨੀ ਰਾਤ ਨੂੰ ਉਸ ਦਾ ਕਤਲ ਕਰ ਦਿੱਤਾ ਗਿਆ ਤੇ ਉਸਦੀ ਮ੍ਰਿਤਕ ਦੇਹ ਵੀ ਪਰਿਵਾਰ ਨੂੰ ਵਾਪਿਸ ਨਹੀਂ ਕੀਤੀ ਗਈ ਸੀ।

   

  ਨਵੀਂ ਦਿੱਲੀ - ਸਰਕਾਰ ਨੇ ਤੀਹਰੇ ਤਲਾਕ ਬਾਰੇ ਨਵਾਂ ਬਿੱਲ ਸ਼ੁੱਕਰਵਾਰ ਨੂੰ ਲੋਕ ਸਭਾ ’ਚ ਪੇਸ਼ ਕਰ ਦਿੱਤਾ। ਇਸ ਦੌਰਾਨ ਵਿਰੋਧੀ ਮੈਂਬਰਾਂ ਨੇ ਬਿੱਲ ਦਾ ਜ਼ੋਰਦਾਰ ਢੰਗ ਨਾਲ ਵਿਰੋਧ ਕਰਦਿਆਂ ਦਾਅਵਾ ਕੀਤਾ ਕਿ ਇਹ ਸੰਵਿਧਾਨਕ ਹੱਕਾਂ ਦੀ ਉਲੰਘਣਾ ਹੈ। ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੌਰਾਨ ਮੁਸਲਿਮ ਮਹਿਲਾਵਾਂ (ਵਿਆਹ ਬਾਰੇ ਹੱਕਾਂ ਦੀ ਰਾਖੀ) ਬਿੱਲ 2019 ਸੰਸਦ ’ਚ ਪੇਸ਼ ਹੋਣ ਵਾਲਾ ਪਹਿਲਾ ਬਿੱਲ ਬਣ ਗਿਆ ਹੈ। ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਲਿੰਗ ਬਰਾਬਰੀ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਇਹ ਬਿੱਲ ਜ਼ਰੂਰੀ ਹੈ। ਇਸ ਦੌਰਾਨ ਪੁਆਈਆਂ ਗਈਆਂ ਵੋਟਾਂ ’ਚ 186 ਮੈਂਬਰਾਂ ਨੇ ਬਿੱਲ ਪੇਸ਼ ਕਰਨ ਦੀ ਸਹਿਮਤੀ ਦੇ ਦਿੱਤੀ ਜਦਕਿ 74 ਨੇ ਵਿਰੋਧ ਕੀਤਾ।
  ਸ੍ਰੀ ਪ੍ਰਸਾਦ ਨੇ ਕਿਹਾ,‘‘ਇਹ ਧਰਮ ਦਾ ਸਵਾਲ ਨਹੀਂ ਹੈ ਸਗੋਂ ਮਹਿਲਾਵਾਂ ਨੂੰ ਇਨਸਾਫ਼ ਦੇਣ ਦੀ ਪਹਿਲਕਦਮੀ ਹੈ। ਇਹ ਮਹਿਲਾਵਾਂ ਦੀ ਮਾਣ-ਮਰਿਆਦਾ ਦਾ ਸਵਾਲ ਹੈ ਜਿਸ ਦੀ ਰਾਖੀ ਲਈ ਅਸੀਂ ਵਚਨਬੱਧਤਾ ਪ੍ਰਗਟਾਈ ਹੈ।’’ ਬਿੱਲ ਲਿਆਉਣ ਨੂੰ ਜਾਇਜ਼ ਠਹਿਰਾਉਂਦਿਆਂ ਕਾਨੂੰਨ ਮੰਤਰੀ ਨੇ ਕਿਹਾ ਕਿ ਮੁਲਕ ’ਚ ਤੀਹਰੇ ਤਲਾਕ ਦੇ 543 ਕੇਸ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਤੀਹਰੇ ਤਲਾਕ ਦੇ ਅਮਲ ’ਤੇ ਪਾਬੰਦੀ ਲਾਏ ਜਾਣ ਮਗਰੋਂ 200 ਤੋਂ ਵੱਧ ਕੇਸ ਦਰਜ ਹੋਏ ਹਨ। ਉਨ੍ਹਾਂ ਕਿਹਾ ਕਿ ਸੰਸਦ ਦਾ ਕੰਮ ਬਿੱਲ ਲਿਆਉਣਾ ਹੈ ਅਤੇ ਕਾਨੂੰਨ ਨੂੰ ਪਰਿਭਾਸ਼ਿਤ ਕਰਨ ਦਾ ਕੰਮ ਅਦਾਲਤਾਂ ਦਾ ਹੈ। ਜਿਵੇਂ ਹੀ ਸਪੀਕਰ ਓਮ ਬਿਰਲਾ ਨੇ ਸ੍ਰੀ ਪ੍ਰਸਾਦ ਨੂੰ ਬਿੱਲ ਪੇਸ਼ ਕਰਨ ਲਈ ਕਿਹਾ ਤਾਂ ਵਿਰੋਧੀ ਧਿਰ ਦੇ ਕਈ ਮੈਂਬਰ ਰੌਲਾ ਪਾਉਂਦੇ ਹੋਏ ਆਪਣੀਆਂ ਸੀਟਾਂ ਤੋਂ ਉੱਠ ਖੜ੍ਹੇ ਹੋਏ। ਇਸ ’ਤੇ ਸ੍ਰੀ ਬਿਰਲਾ ਨੇ ਉਨ੍ਹਾਂ ਨੂੰ ਆਪਣੀ ਗੱਲ ਰੱਖਣ ਦੀ ਇਜਾਜ਼ਤ ਦੇ ਦਿੱਤੀ।
  ਕਾਂਗਰਸ ਦੇ ਸ਼ਸ਼ੀ ਥਰੂਰ ਨੇ ਕਿਹਾ ਕਿ ਉਹ ਤੀਹਰੇ ਤਲਾਕ ਦਾ ਵਿਰੋਧ ਕਰਦੇ ਹਨ ਪਰ ਉਹ ਬਿੱਲ ਖ਼ਿਲਾਫ਼ ਹਨ ਕਿਉਂਕਿ ਇਹ ਦੀਵਾਨੀ ਅਤੇ ਫ਼ੌਜਦਾਰੀ ਕਾਨੂੰਨਾਂ ਦਾ ਮਿਲਗੋਭਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਿੱਲ ਮੁਸਲਮਾਨ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਲਿਆਂਦਾ ਗਿਆ ਹੈ ਜਦੋਂ ਕਿ ਪਤਨੀਆਂ ਨਾਲੋਂ ਤੋੜ ਵਿਛੋੜਾ ਕੋਈ ਨਵੀਂ ਗੱਲ ਨਹੀਂ ਹੈ। ਸ੍ਰੀ ਥਰੂਰ ਨੇ ਕਿਹਾ ਕਿ ਅਜਿਹਾ ਕਾਨੂੰਨ ਬਣਨਾ ਚਾਹੀਦਾ ਹੈ ਜੋ ਸਾਰੀਆਂ ਮਹਿਲਾਵਾਂ ਨੂੰ ਇਨਸਾਫ਼ ਦਿਵਾ ਸਕੇ। ਏਆਈਐਮਆਈਐਮ ਦੇ ਅਸਦ-ਉਦ-ਦੀਨ ਓਵਾਇਸੀ ਨੇ ਭਾਜਪਾ ’ਤੇ ਵਰ੍ਹਦਿਆਂ ਕਿਹਾ ਕਿ ਉਸ ਦਾ ਮੁਸਲਮਾਨ ਮਹਿਲਾਵਾਂ ਨਾਲ ਤਾਂ ਬਹੁਤਾ ਹੇਜ ਦਿਖਾਈ ਦਿੰਦਾ ਹੈ ਪਰ ਜਦੋਂ ਹਿੰਦੂ ਮਹਿਲਾਵਾਂ ਦੇ ਕੇਰਲ ਦੇ ਸ਼ਬਰੀਮਾਲਾ ਮੰਦਰ ’ਚ ਦਾਖ਼ਲੇ ਦੇ ਹੱਕਾਂ ਦੀ ਗੱਲ ਆਉਂਦੀ ਹੈ ਤਾਂ ਉਹ ਇਸ ਦਾ ਵਿਰੋਧ ਕਰਦੇ ਹਨ। ਉਨ੍ਹਾਂ ਕਿਹਾ,‘‘ਤੀਹਰਾ ਤਲਾਕ ਬਿੱਲ ਸੰਵਿਧਾਨਕ ਹੱਕਾਂ ਦੀ ਉਲੰਘਣਾ ਹੈ ਕਿਉਂਕਿ ਇਸ ’ਚ ਦੋਸ਼ੀ ਪਾਏ ਜਾਣ ਵਾਲੇ ਮੁਸਲਮਾਨ ਮਰਦਾਂ ਨੂੰ ਤਿੰਨ ਸਾਲ ਦੀ ਜੇਲ੍ਹ ਦਾ ਪ੍ਰਬੰਧ ਹੈ ਪਰ ਜੇਕਰ ਗ਼ੈਰ ਮੁਸਲਮਾਨ ਤਲਾਕ ਦਿੰਦੇ ਹਨ ਤਾਂ ਉਨ੍ਹਾਂ ਨੂੰ ਮਹਿਜ਼ ਇਕ ਸਾਲ ਦੀ ਜੇਲ੍ਹ ਹੁੰਦੀ ਹੈ।’’ ਆਰਐਸਪੀ ਦੇ ਐਨ ਕੇ ਪ੍ਰੇਮਚੰਦਰਨ ਨੇ ਵੀ ਬਿੱਲ ਦਾ ਵਿਰੋਧ ਕੀਤਾ।
  ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ 16ਵੀਂ ਲੋਕ ਸਭਾ ਭੰਗ ਹੋਣ ਕਰਕੇ ਪਿਛਲਾ ਬਿੱਲ ਮਨਸੂਖ ਹੋ ਗਿਆ ਸੀ ਕਿਉਂਕਿ ਰਾਜ ਸਭਾ ’ਚ ਬਕਾਇਆ ਪਿਆ ਹੋਣ ਕਰਕੇ ਇਹ ਪਾਸ ਨਹੀਂ ਹੋ ਸਕਿਆ ਸੀ। ਨਵਾਂ ਬਿੱਲ ਆਰਡੀਨੈਂਸ ਦੀ ਕਾਪੀ ਹੈ। ਸਰਕਾਰ ਨੇ ਸਤੰਬਰ 2018 ਅਤੇ ਫਰਵਰੀ 2019 ’ਚ ਆਰਡੀਨੈਂਸ ਰਾਹੀਂ ਤੀਹਰੇ ਤਲਾਕ ਬਿੱਲ ਨੂੰ ਲਿਆਂਦਾ ਸੀ। ਬਿੱਲ ਮੁਤਾਬਕ ਫ਼ੌਰੀ ਤੀਹਰਾ ਤਲਾਕ ਦੇਣਾ ਗ਼ੈਰਕਾਨੂੰਨੀ ਹੈ ਅਤੇ ਪਤੀ ਨੂੰ ਤਿੰਨ ਸਾਲ ਦੀ ਜੇਲ੍ਹ ਹੋ ਸਕਦੀ ਹੈ।

  ਚੰਡੀਗੜ੍ਹ - ਸ਼ਿਲਾਂਗ ਦੇ ਸਿੱਖਾਂ ਦੀ ਮਦਦ ਲਈ ਪੰਜਾਬ ਸਰਕਾਰ ਦਾ ਭੇਜਿਆ ਵਫਦ ਵਾਪਸ ਆ ਗਿਆ ਹੈ। ਮੇਘਾਲਿਆ ਦੀ ਸਰਕਾਰ ਨੇ ਵਫ਼ਦ ਨੂੰ ਸ਼ਿਲਾਂਗ ਦੇ ਸਿੱਖਾਂ ਨੂੰ ਇਨਸਾਫ ਦਿਵਾਉਣ ਦਾ ਦਿਲਾਸਾ ਦਿਵਾਇਆ ਹੈ। ਵਫ਼ਦ ਦੀ ਅਗਵਾਈ ਕਰ ਰਹੇ ਪੰਜਾਬ ਸਰਕਾਰ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਜੇ ਇਹ ਮਸਲਾ ਕਿਸੇ ਹੱਲ ਤੱਕ ਨਹੀਂ ਲੱਗਦਾ ਤਾਂ ਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਗ੍ਰਹਿ ਮੰਤਰੀ ਨਾਲ ਵੀ ਇਸ ਮੁੱਦੇ 'ਤੇ ਚਰਚਾ ਕਰਨਗੇ।
  ਇਸ ਵਫਦ ਨੇ ਸਮਝਿਆ ਕਿ ਮੇਘਾਲਿਆ ਦੀ ਸਰਕਾਰ ਨਾਲ ਜੁੜੇ ਕੁੱਝ ਲੋਕ ਹੀ ਸਿੱਖਾਂ ਨੂੰ ਤੰਗ ਕਰ ਰਹੇ ਹਨ, ਕਿਉਂਕਿ ਜਿਸ ਜ਼ਮੀਨ 'ਤੇ ਸਿੱਖ ਭਾਈਚਾਰਾ ਵੱਸ ਰਿਹਾ ਹੈ, ਉਸ ਦੀ ਕੀਮਤ ਅਰਬਾਂ ਰੁਪਏ ਹੈ। ਇਸ ਦੇ ਨਾਲ ਹੀ ਰੰਧਾਵਾ ਨੇ ਕਿਹਾ ਕਿ ਮੇਘਾਲਿਆ ਸਰਕਾਰ ਦੀ ਨੀਅਤ ਵਿੱਚ ਹੀ ਖੋਟ ਹੈ ਜਿਸ ਕਰਕੇ ਸਿੱਖਾਂ ਦਾ ਮਸਲਾ ਹੱਲ ਨਹੀਂ ਹੋ ਰਿਹਾ।
  ਹਾਲਾਂਕਿ ਇਹ ਮਾਮਲਾ ਮੇਘਾਲਿਆ ਦੀ ਹਾਈ ਕੋਰਟ ਵਿੱਚ ਵੀ ਚੱਲ ਰਿਹਾ ਹੈ, ਜਿਸ ਨੇ ਸਿੱਖਾਂ ਨੂੰ ਜ਼ਮੀਨ 'ਤੇ ਸਟੇਅ ਦਿੱਤਾ ਹੈ। ਰੰਧਾਵਾ ਨੇ ਕਿਹਾ ਕਿ ਸਰਕਾਰ ਵੱਲੋਂ ਸਿੱਖਾਂ ਲਈ ਮਹਿੰਗੇ ਤੋਂ ਮਹਿੰਗੇ ਵਕੀਲ ਦਾ ਖ਼ਰਚਾ ਵੀ ਚੁੱਕਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਵਫ਼ਦ ਨੇ ਮੇਘਾਲਿਆ ਦੇ ਗ੍ਰਹਿ ਮੰਤਰੀ ਜੇਮਸ ਕੇ ਸੰਗਮਾ ਨਾਲ ਮੁਲਾਕਾਤ ਕਰਕੇ ਸ਼ਿਲਾਂਗ ਵਿੱਚ ਸਿੱਖਾਂ ਨਾਲ ਹੋ ਰਹੀ ਧੱਕੇਸ਼ਾਹੀ ਦੇ ਮੁੱਦੇ 'ਤੇ ਗੱਲਬਾਤ ਕੀਤੀ ਹੈ।

  ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਵਾਸਤੇ ਸਾਂਝੇ ਮੰਚ ਲਈ ਸੂਬਾ ਸਰਕਾਰ ਦੀ ਮਦਦ ਕਰਨ ਲਈ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਤੱਕ ਪਹੁੰਚ ਕਰਨ ਲਈ ਮੰਤਰੀਆਂ ਦੇ ਸਮੂਹ (ਜੀ.ਓ.ਐਮ.) ਨੂੰ ਆਖਿਆ ਹੈ।
  ਪ੍ਰਕਾਸ਼ ਪੁਰਬ ਨੂੰ ਮਨਾਉਣ ਵਾਲੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਆਰ, ਸ਼ਾਂਤੀ, ਸਦਭਾਵਨਾ ਅਤੇ ਭਾਈਚਾਰੇ ਦੇ ਸੰਦੇਸ਼ ਦੀ ਤਰਜ ’ਤੇ ਇਸ ਮਹਾਨ ਸਮਾਰੋਹ ਨੂੰ ਮਨਾਉਣ ਲਈ ਐਸ.ਜੀ.ਪੀ.ਸੀ ਅਤੇ ਹੋਰ ਧਾਰਮਿਕ ਸੰਗਠਨਾਂ ਦੀ ਸ਼ਮੂਲੀਅਤ ਵਿੱਚ ਉਤਸੁਕਤਾ ਦਿਖਾਈ ਹੈ।
  ਮੁੱਖ ਮੰਤਰੀ ਨੇ ਇਸ ਇਤਿਹਾਸਕ ਸਮਾਰੋਹ ਨੂੰ ਅਸਰਦਾਰ ਢੰਗ ਨਾਲ ਆਯੋਜਿਤ ਕਰਨ ਵਾਸਤੇ ਖੁਲੇ ਦਿਲੋਂ ਸਮਰੱਥਨ, ਸਹਿਯੋਗ ਅਤੇ ਮਾਰਗ ਦਰਸ਼ਨ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਨੂੰ ਰਸਮੀ ਸੱਦਾ ਦੇਣ ਵਾਸਤੇ ਵੀ ਮੰਤਰੀਆਂ ਦੇ ਸਮੂਹ ਨੂੰ ਆਖਿਆ ਹੈ।
  ਗੌਰਤਲਬ ਹੈ ਕਿ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ, ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ. ਸੋਨੀ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ’ਤੇ ਆਧਾਰਤ ਮੰਤਰੀਆਂ ਦੇ ਸਮੂਹ ਦਾ ਪਹਿਲਾਂ ਹੀ ਗਠਨ ਕੀਤਾ ਹੋਇਆ ਹੈ। ਇਸ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਵਿਕਾਸ ਪ੍ਰੋਜੈਕਟਾਂ ਅਤੇ ਸਕੀਮਾਂ ਦੀ ਪ੍ਰਗਤੀ ’ਤੇ ਰੋਜ਼ਮਰਾ ਦੇ ਆਧਾਰ ’ਤੇ ਜਾਇਜ਼ਾ ਲੈਣ ਦਾ ਕਾਰਜ ਸੌਂਪਿਆ ਗਿਆ ਹੈ।
  ਮੁੱਖ ਮੰਤਰੀ ਨੇ ਐਸ.ਜੀ.ਪੀ.ਸੀ. ਦੇ ਨੁਮਾਇੰਦਿਆਂ ਨਾਲ ਵਿਚਾਰ ਵਟਾਂਦਰਾ ਕਰਕੇ 10 ਦਿਨ (5 ਨਵੰਬਰ ਤੋਂ 15 ਨਵੰਬਰ, 2019) ਦੇ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਮੰਤਰੀਆਂ ਦੇ ਸਮੂਹ ਨੂੰ ਆਖਿਆ ਹੈ।

  ਆਕਲੈਂਡ - ਨਿਊਜ਼ੀਲੈਂਡ ਵਿਚ ਕੁਝ ਸੰਸਥਾਵਾਂ ਜੇਲ੍ਹਾਂ 'ਚ ਬੰਦ ਸਿੱਖਾਂ ਨੂੰ ਮੁਫ਼ਤ ਵਿਚ ਸੇਵਾਵਾਂ ਮੁਹੱਈਆ ਕਰਵਾਉਂਦੀਆਂ ਹਨ ਤਾਂਕਿ ਕੈਦੀ ਲੋਕ ਆਪਣਾ ਜੀਵਨ ਬਦਲ ਤੇ ਸੁਧਾਰ ਸਕਣ। ਇਸ ਵੇਲੇ ਤਕ ਸ਼ਾਇਦ ਸਿੱਖ ਧਰਮ ਦੇ ਪੈਰੋਕਾਰਾਂ ਵਾਸਤੇ ਅਜਿਹੀ ਕੋਈ ਸੰਸਥਾ ਨਹੀਂ ਸੀ ਪਰ ਹੁਣ ਜੇਲ੍ਹ ਵਿਭਾਗ ਨੇ 'ਸਿੱਖ ਅਵੇਅਰ' ਸੰਸਥਾ ਨੂੰ ਇਸ ਗੱਲ ਦੀ ਮਾਨਤਾ ਦੇ ਦਿੱਤੀ ਹੈ ਕਿ ਉਹ ਜੇਲ੍ਹ ਅੰਦਰ ਆ ਕੇ ਸਿੱਖ ਧਰਮ ਦੇ ਕਿਸੇ ਕੈਦੀ ਨੂੰ ਧਾਰਮਿਕ ਸਲਾਹ ਜਾਂ ਮਸ਼ਵਰਾ ਦੇ ਸਕਦੇ ਹਨ। ਸਿੱਖੀ ਸੇਧ ਇਕ ਸਿੱਖ ਦੇ ਲਈ ਸਵੈ ਸੁਧਾਰ ਵੱਲ ਇਕ ਅਹਿਮ ਕਦਮ ਹੁੰਦੀ ਹੈ। ਇਹ ਸਹੂਲਤ ਸਿੱਖੀ ਦੇ ਪ੍ਰਚਾਰ ਦਾ ਇਕ ਹਿੱਸਾ ਵੀ ਬਣੇਗੀ ਅਤੇ ਸਿੱਖ ਧਰਮ ਵਿਚ ਵਿਸ਼ਵਾਸ ਰੱਖਣ ਵਾਲੇ ਕੈਦੀਆਂ ਨੂੰ ਇਸ ਨਾਲ ਮਾਨਸਿਕ ਬਲ ਵੀ ਮਿਲੇਗਾ। ਅਜਿਹੀ ਸਿੱਖਿਆ ਦੇ ਨਾਲ ਉਹ ਆਪਣਾ ਜੀਵਨ ਜੇਲ੍ਹ ਦੇ ਅੰਦਰ ਅਤੇ ਫਿਰ ਬਾਹਰ ਆ ਕੇ ਹੋਰ ਬਿਹਤਰ ਬਣਾ ਸਕਣਗੇ। 'ਸਿੱਖ ਅਵੇਅਰ' ਕੁਝ ਮਹੀਨਿਆਂ ਤੋਂ ਇਸ ਕਾਰਜ ਵਾਸਤੇ ਲੱਗੀ ਹੋਈ ਸੀ ਅਤੇ ਅਖੀਰ ਉਸ ਨੇ ਸਫਲਤਾ ਹਾਸਲ ਕੀਤੀ। ਇਸ ਤੋਂ ਪਹਿਲਾਂ ਵੀ 'ਸਿੱਖ ਅਵੇਅਰ' ਨੇ ਲੋੜ ਅਨੁਸਾਰ ਸਿੱਖ ਸਾਹਿਤ ਜੇਲ੍ਹ ਵਿਚ ਭੇਜਣ ਦਾ ਉਪਰਾਲਾ ਕੀਤਾ ਹੈ। 'ਸਿੱਖ ਅਵੇਅਰ' ਦਾ ਇਹ ਉਪਰਾਲਾ ਸੱਚਮੁੱਚ ਸ਼ਲਾਘਾਯੋਗ ਹੈ ਅਤੇ ਅੰਕੜਿਆਂ ਮੁਤਾਬਕ ਇਥੇ ਦੀਆਂ ਜੇਲ੍ਹਾਂ ਵਿਚ ਲਗਪਗ 250 ਭਾਰਤੀ ਕੈਦੀ ਬੰਦ ਹਨ ਜਿਨ੍ਹਾਂ ਵਿਚ ਪੰਜਾਬੀ ਪੁਰਸ਼ਾਂ ਅਤੇ ਅੌਰਤਾਂ ਦੀ ਗਿਣਤੀ ਵੀ ਸ਼ਾਮਿਲ ਹੈ ਜੋਕਿ ਇਸ ਸਹੂਲਤ ਦਾ ਲਾਭ ਉਠਾ ਸਕਣਗੇ।

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com