ਸਿੱਖ ਜਗਤ ਦੀ ਸਹੀ ਸੋਚ ਅਤੇ ਜਾਣਕਾਰੀ ਲਈ

ਸਾਡੇ ਬਾਰੇ
ਸੰਪਰਕ ਕਰੋ
 


ਨਾਨਕਸ਼ਾਹੀ ਕੈਲੰਡਰ ਦੀ ਲੋੜ ਕਿਓ?


ਸਰਬਜੀਤ ਸਿੰਘ ਸੈਕਰਾਮੈਟੋ
ਕੈਲੰਡਰ ਵਿਗਿਆਨ ਦਾ ਅਰੰਭ ਵੀ, ਇਸ ਧਰਤੀ ਤੇ ਇਨਸਾਨ ਦੇ ਹੋਸ਼ ਸੰਭਾਲਣ ਨਾਲ ਹੀ ਹੋ ਗਿਆ ਸੀ। ਸਭ ਤੋਂ ਪਹਿਲਾ ਦਿਨ ਦੇ ਚਾਨਣ ਅਤੇ ਰਾਤ ਦੇ ਅੰਧੇਰੇ ਦਾ ਹੀ ਪਤਾ ਸੀ। ਖਿਆਲ ਕਰੋ ਕਿ ਜਦੋਂ ਕਿਸੇ ਸਿਆਣੇ ਨੇ ਚੰਦ ਦੇ ਮੱਸਿਆ ਤੋਂ ਪੁਨਿਆਂ ਤੱਕ ਚਾਨਣੇ ਪੱਖ (ਸੁਦੀ ਪੱਖ) ਅਤੇ ਪੁਨਿਆਂ ਤੋਂ ਮੱਸਿਆ ਦੇ ਹਨੇਰੇ ਪੱਖ (ਵਦੀ ਪੱਖ) ਦੀ ਗਿਣਤੀ ਕਰਕੇ ਕੈਲੰਡਰ ਦਾ ਮੁੱਢ ਬੰਨਿਆਂ ਹੋਵੇਗਾ ਤਾਂ ਇਨਸਾਨ ਦੇ ਜੀਵਨ ਵਿਚ ਕਿੰਨੀ ਇਨਕਲਾਬੀ ਤਬਦੀਲੀ ਆਈ ਹੋਏਗੀ। ਇਸ ਵਿਚ ਕੋਈ ਸ਼ੱਕ ਨਹੀ ਕਿ ਸਭ ਤੋਂ ਪਹਿਲਾ ਚੰਦ ਅਧਾਰਤ ਕੈਲੰਡਰ ਹੀ ਹੋਂਦ ਵਿਚ ਆਇਆ ਸੀ। ਜਿਓ-ਜਿਓ ਮਨੁੱਖ ਨੇ ਤਰੱਕੀ ਕੀਤੀ ਅਤੇ ਮੌਸਮ ਸਬੰਧੀ ਜਾਣਕਾਰੀ ਵਿਚ ਵਾਧਾ ਹੋਇਆ ਤਾਂ ਸੂਰਜੀ ਕੈਲੰਡਰ ਹੋਂਦ ਵਿਚ ਆ ਗਏ। ਅੱਜ ਵੀ ਚੰਦ ਅਧਾਰਿਤ ਕੈਲੰਡਰ ਦਾ ਸ਼ੁੱਧ ਰੂਪ ਹਿਜਰੀ ਕੈਲੰਡਰ, ਇਸਲਾਮ ਧਰਮ ਵਿਚ ਪ੍ਰਚੱਲਤ ਹੈ। ਹਿੰਦੂ ਧਰਮ ਵਿਚ ਚੰਦਰ ਸੂਰਜੀ ਬਿਕ੍ਰਮੀ ਕੈਲੰਡਰ ਪ੍ਰਚੱਲਤ ਹੈ। ਸਿਖ ਧਰਮ ਚੰਦਰ ਸੂਰਜੀ ਬਿਕ੍ਰਮੀ, ਸੂਰਜੀ ਬਿਕ੍ਰਮੀ ਅਤੇ ਸੀ ਈ ਕੈਲੰਡਰ ਪ੍ਰਚੱਲਤ ਹੈ। ਭਾਵੇਂ ਇਹ ਕੋਈ ਧਾਰਮਿਕ ਵਿਸ਼ਾ ਨਹੀ ਹੈ ਫਿਰ ਵੀ ਇਸ ਦਾ ਧਰਮ ਨਾਲ ਗੂੜਾ ਸਬੰਧ ਹੈ। ਕੈਲੰਡਰ ਦਾ ਮੁੱਖ ਮੰਤਵ ਤਾਂ ਸਮੇਂ ਦੀ ਗਿਣਤੀ-ਮਿਣਤੀ ਦੇ ਨਾਲ-ਨਾਲ ਕੌਮ ਲਈ ਮਹੱਤਵਪੂਰਨ ਦਿਹਾੜਿਆਂ ਦੀ ਸਹੀ ਨਿਸ਼ਾਨ ਦੇਹੀ ਕਰਨਾ ਹੁੰਦਾ ਹੈ। ਆਓ ਵੱਖ-ਵੱਖ ਕੈਲੰਡਰਾਂ ਬਾਰੇ ਜਾਣੀਏ!
ਚੰਦਰ-ਸੂਰਜੀ ਬਿਕ੍ਰਮੀ ਕੈਲੰਡਰ:- ਚੰਦ ਧਰਤੀ ਦੇ ਦੁਵਾਲੇ ਘੁੰਮਦਾ ਹੈ ਇਹ ਚੱਕਰ 29.53059 ਦਿਨ ਵਿਚ ਪੁਰਾ ਕਰਦਾ ਹੈ। ਚੰਦ ਦੇ ਸਾਲ ਦੇ 354.37 ਦਿਨ (354 ਦਿਨ, 8 ਘੰਟੇ, 52 ਮਿੰਟ ਅਤੇ 48 ਸੈਕੰਡ) ਹੁੰਦੇ ਹੈ। ਧਰਤੀ ਸੂਰਜ ਦੇ ਦੁਵਾਲੇ ਘੁੰਮਦੀ ਹੈ ਇਸ ਦਾ ਇਕ ਚੱਕਰ 365.242196 ਦਿਨ (365 ਦਿਨ, 5 ਘੰਟੇ, 48 ਮਿੰਟ ਅਤੇ 45 ਸੈਕੰਡ) ਵਿਚ ਪੂਰਾ ਹੁੰਦਾ ਹੈ ਇਸ ਨੂੰ ਰੁੱਤੀ ਸਾਲ (Tropical year) ਕਹਿੰਦੇ ਹਨ। ਸਪੱਸ਼ਟ ਹੈ ਕੇ ਚੰਦ ਦਾ ਸਾਲ ਸੂਰਜੀ ਸਾਲ ਤੋਂ ਲੱਗ-ਭੱਗ 11 ਦਿਨ ਛੋਟਾ ਹੁੰਦਾ ਹੈ। ਹੁਣ ਜਦੋਂ ਇਕ ਸਾਲ ਵਿਚ 11 ਦਿਨ ਅਤੇ ਦੋ ਸਾਲਾ ਵਿਚ 22 ਦਿਨ , ਚੰਦ ਦਾ ਸਾਲ ਸੂਰਜੀ ਸਾਲ ਤੋਂ ਪਿਛੇ ਰਹਿ ਜਾਂਦਾ ਹੈ ਤਾਂ ਚੰਦ ਦੇ ਸਾਲ ਨੂੰ ਸੂਰਜੀ ਸਾਲ ਦੇ ਨੇੜੇ ਤੇੜੇ ਰੱਖਣ ਲਈ ਵਿਚ ਇਕ ਵਾਧੂ ਮਹੀਨਾ ਜੋੜ ਦਿੱਤਾ ਜਾਂਦਾ ਹੈ ਉਸ ਸਾਲ ਚੰਦ ਦੇ ਸਾਲ ਦੇ 13 ਮਹੀਨੇ ਅਤੇ 383/384 ਦਿਨ ਹੁੰਦੇ ਹਨ। ਅਜੇਹਾ 19 ਸਾਲ ਵਿਚ 7 ਵਾਰੀ ਹੁੰਦਾ ਹੈ। ਸੰਮਤ 2072 ਬਿਕ੍ਰਮੀ (2015-16 ਈ:) ਵਿਚ ਚੰਦ ਦੇ ਸਾਲ ਦੇ 13 ਮਹੀਨੇ ਹੋਣਗੇ। ਇਸ ਸਾਲ ਹਾੜ ਦੇ ਦੋ ਮਹੀਨੇ ਹਨ। ਤੇਰਵੇਂ ਮਹੀਨੇ ਨੂੰ ਮਲ ਮਾਸ ਕਿਹਾ ਜਾਂਦਾ ਹੈ ਇਸ `ਚ ਕੋਈ ਸ਼ੁਭ ਕੰਮ ਨਹੀ ਕੀਤਾ ਜਾਂਦਾ। ਇਸ ਮਹੀਨੇ ਜਾਂ ਇਸ ਤੋਂ ਪਿਛੋਂ ਆਉਣ ਵਾਲੇ ਦਿਹਾੜੇ 18/19 ਦਿਨ ਪੱਛੜ ਕੇ ਮਨਾਏ ਜਾਂਦੇ ਹਨ। ਜਿਵੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਪੋਹ ਸੁਦੀ 7 ਮੁਤਾਬਕ 2014 ਵਿੱਚ 7 ਜਨਵਰੀ ਨੂੰ ਸੀ ਉਸ ਤੋਂ ਅੱਗਲਾ ਦਿਹਾੜਾ ਇਸ ਤੋਂ 11 ਦਿਨ ਪਹਿਲਾ ਭਾਵ 28 ਦਸੰਬਰ 2014 ਈ: ਨੂੰ ਆਇਆ ਸੀ ਇਸ ਹਿਸਾਬ ਨਾਲ ਤਾਂ ਹੁਣ ਇਹ 17 ਦਸੰਬਰ 2015 ਈ: ਨੂੰ ਆਉਣਾ ਚਾਹੀਦਾ ਹੈ ਪਰ ਨਹੀਂ। ਕਿਉਂਕਿ ਇਸ ਸਾਲ ਚੰਦ ਦੇ ਸਾਲ ਦੇ 13 ਮਹੀਨੇ ਹਨ ਇਸ ਲਈ ਹੁਣ ਇਹ ਦਿਹਾੜਾ 16 ਜਨਵਰੀ 2016 ਈ: ਨੂੰ ਆਵੇਗਾ। ਉਸ ਤੋਂ ਅੱਗਲਾ, ਇਸ ਤੋਂ 11 ਦਿਨ ਪਹਿਲਾ ਭਾਵ 5 ਜਨਵਰੀ 2217 ਈ: ਨੂੰ ਆਵੇਗਾ ਅਤੇ ਉਸ ਤੋਂ ਅਗਲਾ 25 ਦਸੰਬਰ 2017 ਈ: ਨੂੰ। ਇਸ ਕੈਲੰਡਰ `ਚ ਇਕ ਦਿਨ ਵਿਚ ਦੋ ਤਾਰੀਖਾਂ ਜਾਂ ਦੋ ਦਿਨਾਂ `ਚ ਇਕ ਤਾਰੀਖ ਅਕਸਰ ਹੀ ਆਉਂਦੀਆਂ ਰਹਿੰਦਿਆਂ ਹਨ। ਅਜੇਹਾ ਹਰ ਮਹੀਨੇ ਇੱਕ ਤੋਂ ਤਿੰਨ ਵਾਰੀ ਹੁੰਦਾ ਹੈ। ਹੁਣ ਸਵਾਲ ਪੈਦਾ ਹੁੰਦਾ ਹੈ ਕਿ ਜੇ ਚੰਦਰ-ਸੂਰਜੀ ਬਿਕ੍ਰਮੀ ਕੈਲੰਡਰ ਨੂੰ ਵੀ ਖਿੱਚ-ਧੂਹ ਕੇ ਸੂਰਜੀ ਕੈਲੰਡਰ ਦੇ ਨੇੜੇ ਤੇੜੇ ਹੀ ਕਰਨਾ ਪੈਣਾ ਹੈ ਤਾਂ ਕਿਉਂ ਨਾ ਸੂਰਜੀ ਕੈਲੰਡਰ ਹੀ ਵਰਤ ਲਿਆ ਜਾਵੇ?
ਸੂਰਜੀ ਬਿਕ੍ਰਮੀ ਕੈਲੰਡਰ:- ਗੁਰੂ ਕਾਲ ਵੇਲੇ ਇਸ ਕੈਲੰਡਰ ਦੇ ਸਾਲ ਦੀ ਲੰਬਾਈ 365.2587 ਦਿਨ (ਸੂਰਜੀ ਸਿਧਾਂਤ) ਸੀ। ਲੰਬਾਈ ਮੌਸਮੀ ਸਾਲ ਦੀ ਲੰਬਾਈ (365.242169 ਦਿਨ) ਤੋਂ ਲੱਗ ਭੱਗ 24 ਮਿੰਟ ਵੱਧ ਹੋਣ ਕਾਰਨ ਇਹ 60 ਸਾਲ ਪਿਛੋਂ ਇਕ ਦਿਨ ਅੱਗੇ ਹੋ ਜਾਂਦਾ ਸੀ। ਨਵੰਬਰ 1964 `ਚ ਅੰਮ੍ਰਿਤਸਰ ਵਿਖੇ ਵਿਦਵਾਨਾਂ ਦੀ ਇਕੱਤਰਤਾ `ਚ ਇਸ ਕੈਲੰਡਰ `ਚ ਸੋਧ ਕੀਤੀ ਗਈ। ਸਾਲ ਦੀ ਲੰਬਾਈ 365.2587 ਤੋਂ ਘਟਾ ਕੇ 365.2563 ਕਰ ਦਿੱਤੀ ਗਈ । ਹੁਣ ਇਸ ਨੂੰ ਦ੍ਰਿਕਗਿਣਤ ਸਿਧਾਂਤ ਕਿਹਾ ਜਾਂਦਾ ਹੈ। ਇਹ ਲੰਬਾਈ ਵੀ ਮੌਸਮੀ ਸਾਲ ਤੋਂ ਲੱਗ ਭੱਗ 20 ਮਿੰਟ ਵੱਧ ਹੈ। ਹੁਣ ਇਹ 72 ਸਾਲ ਪਿਛੋਂ ਮੌਸਮੀ ਸਾਲ ਤੋਂ ਇਕ ਦਿਨ ਅੱਗੇ ਹੋ ਜਾਂਦਾ ਹੈ। ਇਸ ਸਾਲ ਦੇ ਮਹੀਨੇ ਦਾ ਅਰੰਭ (ਸੰਗਰਾਦ) ਉਸ ਦਿਨ ਹੁੰਦਾ ਹੈ ਜਦੋਂ ਸੂਰਜ ਇਕ ਰਾਸ਼ਿ ਤੋਂ ਦੂਜੀ ਰਾਸ਼ੀ ਵਿੱਚ ਪ੍ਰਵੇਸ਼ ਕਰਦਾ ਹੈ। ਇਹ ਦਿਨ ਹਰ ਸਾਲ ਬਦਲਾ ਰਹਿੰਦਾ ਹੈ। ਮਹੀਨਿਆਂ ਦੇ ਦਿਨ 29 ਤੋਂ 32 ਤਾਈ ਬਦਲਦੇ ਰਹਿੰਦੇ ਹਨ।
ਗਰੈਗੋਰੀਅਨ ਕੈਲੰਡਰ:- ਯੂਲੀਅਨ ਕੈਲੰਡਰ ਵੀ ਸੂਰਜੀ ਕੈਲੰਡਰ ਸੀ ਜਿਸ ਦੇ ਸਾਲ ਦਿ ਲੰਬਾਈ 365.25 ਦਿਨ ਸੀ। ਇਹ ਸਾਲ ਮੌਸਮੀ ਸਾਲ ਤੋਂ 128 ਸਾਲ ਪਿਛੋਂ ਇਕ ਦਿਨ ਅੱਗੇ ਹੋ ਜਾਂਦਾ ਸੀ। ਅਕਤੂਬਰ 1582 ਵਿਚ ਇਸ `ਚ ਸੋਧ ਕੀਤੀ ਗਈ ਸੀ। ਇਸ ਸੋਧ ਕਾਰਨ 4 ਅਕਤੂਬਰ ਪਿਛੋਂ ਸਿੱਧਾ ਹੀ 15 ਅਕਤੂਬਰ ਕਰ ਦਿੱਤਾ ਗਿਆ ਸੀ। ਇੰਗਲੈਂਡ ਨੇ ਇਹ ਸੋਧ ਸਤੰਬਰ 1752 ਵਿਚ ਲਾਗੂ ਕੀਤੀ ਸੀ। ਉਦੋਂ 2 ਸਤੰਬਰ ਪਿਛੋਂ 14 ਸਤੰਬਰ ਕਰ ਦਿੱਤੀ ਗਈ ਸੀ। ਹੁਣ ਇਸ ਨੂੰ ਗਰੈਗੋਰੀਅਨ ਕੈਲੰਡਰ ਜਾਂ ਸੀ ਈ ਕਹਿੰਦੇ ਹਨ। ਇਸ ਦੇ ਸਾਲ ਦੀ ਲੰਬਾਈ 365.2425 ਦਿਨ ਹੈ।
ਨਾਨਕਸ਼ਾਹੀ ਕੈਲੰਡਰ:- ਇਹ ਸੂਰਜੀ ਕੈਲੰਡਰ ਹੈ। ਇਸ ਕੈਲੰਡਰ ਦੇ ਸਾਲ ਦੀ ਲੰਬਾਈ 365.2425 ਦਿਨ ਹੈ। ਜੋ ਮੌਸਮੀ ਸਾਲ (365.242196 ਦਿਨ) ਦੇ ਬਹੁਤ ਹੀ ਨੇੜੇ ਹੈ। ਹੁਣ ਇਹ ਮੌਸਮੀ ਸਾਲ ਤੋਂ 3300 ਸਾਲ ਪਿਛੋਂ ਇਕ ਦਿਨ ਦਾ ਅੱਗੇ ਹੋਵੇਗਾ। ਇਸ ਦੇ ਮਹੀਨਿਆਂ ਦੇ ਅਰੰਭ ਦੀਆਂ ਤਾਰੀਖਾਂ ਸਦਾ ਵਾਸਤੇ ਹੀ ਪੱਕੀਆਂ ਹਨ ਜਿਨ੍ਹਾਂ ਦਾ ਸੂਰਜ ਦੇ ਰਾਸ਼ੀ ਬਦਲਣ ਨਾਲ ਕੋਈ ਵੀ ਸਬੰਧ ਨਹੀ ਹੈ। ਜਿਵੇ ਚੇਤ 14 ਮਾਰਚ, ਵੈਸਾਖ 14 ਅਪ੍ਰੈਲ, ਜੇਠ 15 ਮਈ, ਹਾੜ 15 ਜੂਨ, ਸਾਵਣ 16 ਜੁਲਾਈ, ਭਾਦੋਂ 16 ਅਗਸਤ, ਅੱਸੂ 15 ਸਤੰਬਰ, ਕੱਤਕ 15 ਅਕਤੂਬਰ, ਮੱਘਰ 14 ਨਵੰਬਰ, ਪੋਹ 14 ਦਸੰਬਰ, ਮਾਘ 13 ਜਨਵਰੀ ਅਤੇ ਫੱਗਣ 12 ਫਰਵਰੀ। ਨਾਨਕਸ਼ਾਹੀ ਕੈਲੰਡਰ ਦੇ ਪਹਿਲੇ ਪੰਜ ਮਹੀਨੇ ਚੇਤ, ਵੈਸਾਖ, ਜੇਠ ਹਾਵ ਅਤੇ ਸਾਵਣ 31 ਦਿਨਾਂ ਅਤੇ ਮਗਰਲੇ 7 ਮਹੀਨੇ ਭਾਵ ਭਾਦੋਂ, ਅੱਸੂ, ਕੱਤਕ, ਮੱਘਰ, ਪੋਹ ਮਾਘ ਅਤੇ ਫੱਗਣ 30 ਦਿਨਾਂ ਦੇ ਹਨ। ਨਾਨਕ ਸ਼ਾਹੀ ਕੈਲੰਡਰ ਦੇ ਦਿਨ ਦਾ ਅਰੰਭ ਰਾਤ 12 ਵਜੇ ਤੋਂ ਹੁੰਦਾ ਹੈ ਜਦੋਂ ਕਿ ਚੰਦਰ-ਸੂਰਜੀ ਬਿਕ੍ਰਮੀ ਕੈਲੰਡਰ ਅਤੇ ਸੂਰਜੀ ਬਿਕ੍ਰਮੀ ਕੈਲੰਡਰ ਮੁਤਾਬਕ ਦਿਨ ਦਾ ਅਰੰਭ ਸੂਰਜ ਦੇ ਚੜਨ ਵੇਲੇ ਹੁੰਦਾ ਹੈ ਭਾਵ ਦਿਨ ਦਾ ਅਰੰਭ ਹਰ ਰੋਜ ਵੱਖ-ਵੱਖ ਅਸਥਾਨਾਂ ਤੇ ਵੱਖ-ਵੱਖ ਸਮੇ ਹੁੰਦਾ ਹੈ।
ਨਾਨਕਸ਼ਾਹੀ ਕੈਲੰਡਰ, ਕਨੇਡਾ ਨਿਵਾਸੀ ਸਿੱਖ ਵਿਦਵਾਨ ਸ. ਪਾਲ ਸਿੰਘ ਪੁਰੇਵਾਲ ਜੀ ਨੇ ਬਹੁਤ ਹੀ ਮਿਹਨਤ ਨਾਲ ਬਣਾਇਆ ਸੀ ਅਤੇ ਲੱਗ-ਭੱਗ 12 ਸਾਲ ਦੀ ਸੋਚ ਵਿਚਾਰ ਤੋਂ (1992 ਤੋਂ 2003 ਤਾਈ) ਪਿਛੋਂ ਸ਼੍ਰੋਮਣੀ ਕਮੇਟੀ ਨੇ 2003 `ਚ ਇਹ ਕੈਲੰਡਰ ਲਾਗੂ ਕੀਤਾ ਗਿਆ ਸੀ। ਦੇਸ-ਵਿਦੇਸ਼ ਦੀਆਂ ਸੰਗਤਾਂ ਨੇ ਇਸ ਨੂੰ ਖੁਸ਼ੀ–ਖੁਸ਼ੀ ਪ੍ਰਵਾਨ ਕਰ ਲਿਆ ਸੀ। ਅਚਾਨਕ ਹੀ 17 ਅਕਤੂਬਰ 2009 ਨੂੰ ਇਹ ਖ਼ਬਰ ਆ ਗਈ ਕਿ ਇਸ ਕੈਲੰਡਰ ‘ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ’ (ਸੰਤਾਂ ਦੀ ਯੂਨੀਅਨ) ਦੇ ਕਹਿਣ ਤੇ ਨਾਨਕਸ਼ਾਹੀ ਕੈਲੰਡਰ ਵਿਚ ਸੋਧ ਕੀਤੀ ਜਾ ਰਹੀ ਹੈ। ਇਸ ਸੋਧ ਲਈ ਸੁਝਾਓ ਦੇਣ ਵਾਸਤੇ ਦੋ ਮੈਂਬਰੀ ਕਮੇਟੀ ਬਣਾ ਗਈ ਜਿਸ `ਚ ਹਰਨਾਮ ਸਿੰਘ ਧੁੰਮਾ ਅਤੇ ਅਵਤਾਰ ਸਿੰਘ ਮੱਕੜ ਸ਼ਾਮਲ ਸਨ। ਇਸ ਦੋ ਮੈਂਬਰੀ ਕਮੇਟੀ ਨੇ ਚਾਰ ਦਿਹਾੜੇ, ਸ਼ਹੀਦੀ ਗੁਰੂ ਅਰਜਨ ਦੇਵ ਜੀ, ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਅਤੇ ਜੋਤੀ ਜੋਤ ਦਿਹਾੜਾ, ਅਤੇ ਗ੍ਰੰਥ ਸਾਹਿਬ ਨੂੰ ਗੁਰ ਗੱਦੀ ਦਿਵਸ, ਚੰਦਰ-ਸੂਰਜੀ ਬਿਕ੍ਰਮੀ ਕੈਲੰਡਰ ਭਾਵ ਵਦੀ-ਸੁਦੀ ਮੁਤਾਬਕ ਮਨਾਉਣ ਅਤੇ ਮਹੀਨੇ ਦੇ ਅਰੰਭ ਦੀ ਤਾਰੀਖ (ਸੰਗਰਾਦ) ਨੂੰ ਸੂਰਜ ਦੇ ਰਾਸ਼ੀ ਬਦਲੀ ਕਰਨ ਦੀ ਤਾਰੀਖ ਨਾਲ ਨੱਥੀ ਕਰਨ ਦੀ ਸਿਫ਼ਾਰਿਸ਼ ਕਰ ਦਿੱਤੀ।
ਸ਼੍ਰੋਮਣੀ ਕਮੇਟੀ ਵੱਲੋਂ 2010 `ਚ ਸੋਧਿਆ (?) ਹੋਇਆ ਕੈਲੰਡਰ :- ਮਾਰਚ 2010 ਵਿਚ ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਕੀਤੇ ਗਏ ਕੈਲੰਡਰ ਦਾ ਨਾਮ ਨਾਨਕਸ਼ਾਹੀ, ਸਾਲ ਦੀ ਲੰਬਾਈ 365.2567 ਦਿਨ, ਜਿਸ ਮੁਤਾਬਕ ਹੁਣ ਇਹ ਸਾਲ ਮੌਸਮੀ ਸਾਲ ਤੋਂ 72 ਸਾਲ ਪਿਛੋਂ ਇਕ ਦਿਨ ਅੱਗੇ ਹੋ ਜਾਵੇਗਾ। ਮਹੀਨੇ ਦਾ ਅਰੰਭ ਸੂਰਜ ਦੇ ਨਵੀਂ ਰਾਸ਼ੀ `ਚ ਪ੍ਰਵੇਸ਼ ਨਾਲ, ਜਿਸ ਕਾਰਨ ਹਰ ਸਾਲ ਦੋ-ਤਿੰਨ ਤਾਰੀਖਾਂ ਬਦਲ ਜਾਦੀਆਂ ਹਨ, ਕੁਝ ਦਿਹਾੜੇ ਚੰਦਰ-ਸੂਰਜੀ ਬਿਕ੍ਰਮੀ ਕੈਲੰਡਰ ਮੁਤਾਬਕ, ਕੁਝ ਦਿਹਾੜੇ ਸੂਰਜੀ ਬਿਕ੍ਰਮੀ ਕੈਲੰਡਰ ਮੁਤਾਬਕ ਅਤੇ ਕੁਝ ਦਿਹਾੜੇ ਸੀ: ਈ: ਕੈਲੰਡਰ ਮੁਤਾਬਕ ਹਨ। ਬਹੁਤੇ ਦਿਹਾੜਿਆਂ ਦੀਆਂ ਤਾਰੀਖਾਂ ਤਾਂ ਨਾਨਕਸ਼ਾਹੀ ਕੈਲੰਡਰ ਵਾਲੀਆ ਹੀ ਰੱਖ ਲਈਆਂ ਹਨ ਪਰ ਮਹੀਨੇ ਦਾ ਅਰੰਭ ਸੂਰਜ ਦੇ ਨਵੀ ਰਾਸ਼ੀ `ਚ ਪ੍ਰਵੇਸ਼ ਕਰਨ ਨਾਲ ਨੱਥੀ ਹੋਣ ਕਾਰਨ ਇਤਿਹਾਸਿਕ ਦਿਹਾੜਿਆਂ ਦੀਆਂ ਤਾਰੀਖਾਂ ਇਕ-ਦੋ ਦਿਨ ਅੱਗੜ-ਪਿੱਛੜ ਹੋ ਜਾਂਦੀਆਂ ਹਨ। ਜਿਵੇ ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਕੀਤੇ 2014-15 ਦੇ ਕੈਲੰਡਰ `ਚ, ਜੋਤੀ ਜੋਤ ਗੁਰੂ ਨਾਨਕ ਦੇਵ ਜੀ 22 ਸਤੰਬਰ ਦਾ ਦਰਜ ਹੈ ਜਿਸ ਮੁਤਾਬਕ ਇਹ ਸੱਤ ਅੱਸੂ ਬਣਦਾ ਹੈ ਜਦੋਂ ਕਿ ਇਤਿਹਾਸਕ ਤੌਰ ਤੇ ਇਹ ਤਾਰੀਖ ਅੱਠ ਅੱਸੂ ਹੈ। ਇਸ ਹਿਸਾਬ ਨਾਲ ਇਸ ਸਾਲ ਇਹ ਦਿਹਾੜਾ 6 ਅੱਸੁ ਨੂੰ ਆਵੇਗਾ। ਦੂਜੇ ਸ਼ਬਦਾਂ `ਚ ਇਹ ਕਿਹਾ ਜਾ ਸਕਦਾ ਹੈ ਅੱਜ ਸਾਡੇ ਸਾਹਮਣੇ ਸ਼੍ਰੋਮਣੀ ਕਮੇਟੀ ਵੱਲੋਂ ਸਾਡੇ ਇਤਹਾਸ ਨੂੰ ਵਿਗਾੜਨ ਦਾ ਕੋਝਾ ਯਤਨ ਕੀਤਾ ਜਾ ਰਿਹਾ ਹੈ। ਤਰਮੀਮ ਤੋਂ ਪਿਛੋਂ ਇਸ ਕੈਲੰਡਰ ਨੂੰ ਨਾਨਕਸ਼ਾਹੀ ਕੈਲੰਡਰ ਕਹਿਣਾ ਹੀ ਗਲਤ ਹੈ।