ਸਿੱਖ ਜਗਤ ਦੀ ਸਹੀ ਸੋਚ ਅਤੇ ਜਾਣਕਾਰੀ ਲਈ

ਸਾਡੇ ਬਾਰੇ
ਸੰਪਰਕ ਕਰੋ
 


ਭਾਰਤੀ ‘ਨੇਸ਼ਨ ਸਟੇਟ’ ਦੇ ਸੰਦਰਭ ‘ਚ ਪੰਜਾਬ ਦੀ ਖੱਬੀ ਲਹਿਰ ਦਾ ਮੁਲਾਂਕਣ


ਜਸਪਾਲ ਸਿੰਘ ਸਿੱਧੂ
ਖੱਬੀ ਸੋਚ ਅਤੇ ਵਿਚਾਰਧਾਰਾ ਨਾਲ ਵਚਨਬੱਧ ਲੋਕਾਂ ਨੂੰ ਦੂਜਿਆਂ ਨਾਲੋਂ ਵੱਧ ਸੰਵਦੇਨਸ਼ੀਲ (Sensitive), ਸਿਆਸੀ ਤੌਰ ਉਤੇ ਜ਼ਿਆਦਾ ਚੇਤੰਨ, ਸੁਹਿਰਦ ਅਤੇ ਜੀਵਨ-ਅਚਾਰ-ਵਿਹਾਰ ਵਿਚ ਇਮਾਨਦਾਰ ਵਿਅਕਤੀ ਤਸਲੀਮ ਕੀਤਾ ਜਾਂਦਾ ਹੈ। ਮਾਰਕਸਵਾਦ ਲੋਕ-ਪੱਖੀ ਵਿਚਾਰਧਾਰਾ ਹੈ। ਵਿਅਕਤੀਵਾਦੀ ਜਾਂ ਡਰਾਇੰਗਰੂਮ ਫਸਲਫਾ ਨਹੀਂ ਹੈ, ਜਿਸ ਕਰਕੇ ਇਸ ਸਮਝ ਨਾਲ ਜੁੜੇ ਮਨੁੱਖ ਜ਼ਿੰਦਗੀ ਦੇ ਹਰ ਖੇਤਰ ਵਿਚ ਲੋਕ-ਹੱਕੀ ਪੈਂਤੜੇ ਉਤੇ ਸਰਗਰਮ ਰਹਿੰਦੇ ਹਨ। ਇਹ ਵਿਚਾਰਧਾਰਾ ਹੀ ਉਨ੍ਹਾਂ ਨੂੰ ਰਾਜਸੀ ਹੈਂਕੜ ਅਤੇ ਧੱਕੇ ਵਿਰੁੱਧ ਡਟ ਜਾਣ ਦਾ ਸਾਹਸ ਅਤੇ ਸਮਰੱਥਾ ਬਖਸ਼ਦੀ ਹੈ। ਹਾਕਮ ਵਰਗ ਦੀਆਂ ਮਹੀਨ ਰਾਜਨੀਤਕ ਚਾਲਾਂ ਬਾਰੇ ਜਾਗਰੂਕ ਉਹ ਲੋਕ ਸੰਸਕ੍ਰਿਤੀ, ਬੋਲੀ ਅਤੇ ਜਨ ਕਲਚਰ ਦੇ ਰਾਖੇ ਬਣ ਕੇ ਹੁਕਮਰਾਨੀ ਸਭਿਆਚਾਰਕ ਧੌਂਸ (Hegemony) ਦਾ ਹਮੇਸ਼ਾ ਵਿਰੋਧ ਕਰਦੇ ਹਨ। ਲੁੱਟੇ-ਪੁੱਟੇ ਲੋਕਾਂ ਅਤੇ ਦੁੱਖ-ਦਰਦ ਹੰਢਾਉਂਦੀ ਜਨਤਾ ਦੀ ਮੁਕਤੀ ਅਤੇ ਬੰਦ-ਖਲਾਸੀ ਲਈ ਕ੍ਰਿਆਸ਼ੀਲ ਮਾਰਕਸਵਾਦੀ ਕਾਰਕੁੰਨ ਅਤੇ ਚਿੰਤਕ ਕੋਈ ਵੀ ਅਜਿਹਾ ਕਾਰਜ ਨਹੀਂ ਕਰਦੇ ਜਾਂ ਵਿਚਾਰਧਾਰਕ ਜਾਂ ਸਿਆਸੀ ਪੁਜੀਸ਼ਨ ਨਹੀਂ ਲੈਂਦੇ ਜਿਹੜੀ ‘ਸਟੇਟ ਜਾਂ ਹੁਕਮਰਾਨ ਵਰਗ ਦੀ ਦਮਨ ਨੀਤੀ ਦੇ ਹੱਕ ਵਿਚ ਰਤਾ ਕੁ ਭਰ ਵੀ ਭੁਗਤਦੀ ਹੋਵੇ।
ਇਸੇ ਪ੍ਰਸੰਗ ਵਿਚ ਗਦਰ ਪਾਰਟੀ ਦੇ ਜਨਰਲ ਸੈਕਟਰੀ ਭਾਈ ਸੰਤੋਖ ਸਿੰਘ ਅਤੇ ਹੋਰ ਕਈ ਪੰਜਾਬ ਦੇ ਯੋਧੇ ਵਿਚਾਰਧਾਰਕ ਅਤੇ ਅਮਲੀ ਮਾਪਦੰਡਾਂ ਉਤੇ ਖ਼ਰੇ ਉਤਰੇ ਹਨ। ਭਾਰਤ ‘ਚ ਅੰਗਰੇਜ਼ੀ ਰਾਜ ਵਿਰੁੱਧ ਹਥਿਆਰਬੰਦ ਲਾਮਬੰਦੀ ਵਿਚ ਕਾਮਯਾਬ ਨਾ ਹੋਣ ਤੋਂ ਬਾਅਦ ਭਾਈ ਸੰਤੋਖ ਸਿੰਘ ਖੱਬੀ ਵਿਚਾਰਧਾਰਾ ਵੱਲ ਖਿੱਚਿਆ ਗਿਆ। ਤੀਜੀ ਕਮਿਊਨਿਸਟ ਇੰਟਰਨੈਸ਼ਨਲ ਦੀ ਮਾਸਕੋ ਵਿਚ ਹੋਈ ਕਾਨਫਰੰਸ ਵਿਚ ਸ਼ਿਰਕਤ ਕਰਨ ਤੋਂ ਮਗਰੋਂ ਭਾਈ ਸੰਤੋਖ ਸਿੰਘ 1920ਵੇਂ ‘ਚ ਅੰਮ੍ਰਿਤਸਰ ਪਹੁੰਚਿਆ। ਅੰਗਰੇਜ਼ੀ ਰਾਜ ਵਿਰੁੱਧ ਜਾਤੀ ਸੰਘਰਸ਼ ਵਿਚ, ਉਸ ਨੇ ਅਕਾਲੀ ਲੀਡਰਾਂ ਨਾਲ ਪਲੇਟਫਾਰਮ ਸਾਂਝਾ ਕੀਤਾ। ਸਿੱਖ ਲੀਡਰਸ਼ਿਪ ਨੇ ਭਾਈ ਸੰਤੋਖ ਸਿੰਘ ਨੂੰ ਦਫ਼ਤਰ ਬਣਾਉਣ ਲਈ ਸਿੱਖ ਮਿਸ਼ਨਰੀ ਕਾਲਜ ਵਿਚ ਕਮਰਾ ਦਿੱਤਾ।
ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਖ਼ੁਦ ਮੰਨਦਾ ਸੀ ਕਿ ਕਮਿਊਨਿਸਟਾਂ ਦਾ ‘ਦਾਤੀ-ਹਥੌੜਾ’ ਵਾਲਾ ਝੰਡਾ ਪੰਜਾਬ ਵਿਚ ਸਭ ਤੋਂ ਪਹਿਲਾਂ ਸਿੱਖ ਮਿਸ਼ਨਰੀ ਕਾਲਜ ਵਿਚ ਲਹਿਰਾਇਆ ਗਿਆ। ਭਾਈ ਸੰਤੋਖ ਸਿੰਘ ਨੇ ਇੱਥੋਂ ਹੀ ‘ਕਿਰਤੀ ਅਖ਼ਬਾਰ ਕੱਢਿਆ। ਇੱਥੇ ਹੀ ਉਸ ਨੇ ‘ਕਿਰਤੀ-ਕਿਸਾਨ ਸਭਾ ਬਣਾਈ, ਜਿਸ ਦੀ ਪਹਿਲੀ ਕਾਨਫਰੰਸ 1927 ਵਿਚ ਹੁਸ਼ਿਆਰਪੁਰ ਵਿਖੇ ਹੋਈ, ਇਸ ਵਿਚ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਹਿੱਸਾ ਲਿਆ। ਪਰ, ਬਦਕਿਸਮਤੀ ਨਾਲ, ਭਾਈ ਸੰਤੋਖ ਸਿੰਘ ਖ਼ੁਦ ਇਸ ਕਾਨਫਰੰਸ ਵਿਚ ਸ਼ਿਰਕਤ ਨਹੀਂ ਕਰ ਸਕਿਆ, ਕਿਉਂਕਿ ਤਪਦਿਕ ਨਾਲ ਪੀੜਤ ਭਾਈ ਸਾਹਿਬ ਦੀ ਮੌਤ ਕੁਝ ਹਫ਼ਤੇ ਪਹਿਲਾਂ ਹੀ ਹੋ ਗਈ ਸੀ। ਅਕਾਲੀ ਲੀਡਰਸ਼ਿਪ ਉਸ ਦੀ ਅੰਤਿਮ ਵਿਦਾਇਗੀ ਵਿਚ ਸ਼ਾਮਲ ਹੋਈ ਅਤੇ ਮਾਸਟਰ ਤਾਰਾ ਸਿੰਘ ਨੇ ਉਸ ਨੂੰ ‘ਪੁਰਜਾ-ਪੁਰਜਾ ਕੱਟ ਮਾਰਨ ਵਾਲਾ ਸ਼ਹੀਦ’ ਕਰਾਰ ਦਿੱਤਾ।
ਭਾਈ ਸੰਤੋਖ ਸਿੰਘ ਵੱਲੋਂ ਤਿਆਰ ਕੀਤੇ ‘ਬਲਿਊ ਪਰਿੰਟ’ ਉਤੇ ਹੀ ਪੰਜਾਬ ਦੀ ਧਰਤੀ ਉਤੇ 1928 ਵਿਚ ਕਿਰਤੀ-ਕਿਸਾਨ ਪਾਰਟੀ ਦਾ ਜਨਮ ਹੋਇਆ। ਭਾਈ ਸਾਹਿਬ ਨੇ ਅੰਗਰੇਜ਼ ਵਿਰੋਧੀ ਲੜਾਈ ਵਿਚ ਲੋਕਾਂ ਨੂੰ ਨਿਰੋਲ ‘ਦੇਸ਼ ਭਗਤੀ’ ਦਾ ਵਾਸਤਾ ਨਹੀਂ ਪਾਇਆ ਸੀ, ਸਗੋਂ ਉਨ੍ਹਾਂ ਨੇ ਦੇਸ਼ਭਗਤੀ ਦੀ ਥਾਂ ‘ਪਰਜਾ ਭਗਤੀ’ ਸ਼ਬਦ ਦੀ ਵਰਤੋਂ ਕਰਨ ਨੂੰ ਤਰਜੀਹ ਦਿਤੀ ਸੀ। ਉਨ੍ਹਾਂ ਦਾ ਇਹ ਚੇਤੰਨ ਫੈਸਲਾ ਡੂੰਘੇ ਅਰਥ ਰਖਦਾ ਸੀ, ਪਰ ਅਫਸੋਸ ਕਿ ਕਿਸੇ ਨੇ ਵੀ, ਕਮਿਊਨਿਸਟ ਵਿਦਵਾਨਾਂ ਸਮੇਤ, ਇਸ ਦੀ ਅਹਿਮੀਅਤ ਨਾ ਪਛਾਣੀ ਅਤੇ ਇਸ ਨੂੰ ਉਵੇਂ ਹੀ ਅਣਗੌਲਾ ਕਰ ਦਿਤਾ।
ਭਾਈ ਸਾਹਿਬ ਅਕਾਲੀਆਂ ਦੇ ਸਿਆਸੀ ਪ੍ਰੇਰਨਾ ਸਰੋਤ ਸਨ। ਇਸ ਕਰਕੇ ਉਨ੍ਹਾਂ ਦੇ ਅਸਰ ਹੇਠ ਮਾਸਟਰ ਤਾਰਾ ਸਿੰਘ ਨੇ ਵੀ ਕਿਹਾ ਸੀ ਕਿ ”ਪਰਜਾ ਭਗਤੀ ਮਜ਼ਲੂਮਾਂ ਦੇ ਹੱਕ ਵਿਚ ਜੰਗੇ ਮੈਦਾਨ ਵਿਚ ਨਿਤਰਨਾ ਹੈ ਜਿਸ ਦੀ ਪਹਿਲ-ਕਦਮੀ ਗੁਰੂ ਗੋਬਿੰਦ ਸਿੰਘ ਨੇ ਕੀਤੀ ਸੀ।”ਲੰਮਾ ਸਮਾਂ ‘ઑਕਿਰਤੀ ਬਾਬਿਆਂ’ ਦੇ ਸਿੱਖਾਂ ਦੀ ਅਕਾਲੀ ਲੀਡਰਸ਼ਿਪ ਨਾਲ ਬਹੁਤ ਹੀ ਨਿੱਘੇ ਤੇ ਨੇੜਲੇ ਸਬੰਧ ਰਹੇ। ਇੱਥੋਂ ਤੱਕ ਕਿ ਗ਼ਦਰੀ ਬਾਬੇ ਸੋਹਣ ਸਿੰਘ ਭਕਨਾ ਨੂੰ 1936 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦਾ ਪ੍ਰਧਾਨ ਬਣਾਉਣ ਲਈ ਆਮ ਸਹਿਮਤੀ ਹੋ ਗਈ ਸੀ, ਜਿਹੜੀ ਅਖ਼ੀਰਲੇ ਪਲ ਕੁਝ ਜਾਤੀ ਮੁਫ਼ਾਦ ਅਤੇ ਡਿਪਟੀ ਕਮਿਸ਼ਨਰ ਦੀ ਦਖ਼ਲ-ਅੰਦਾਜ਼ੀ ਨਾਲ ਅਮਲ ਵਿਚ ਨਾ ਆ ਸਕੀ। ਜਦੋਂ ਅੰਗਰੇਜ਼ੀ ਸਾਮਰਾਜ ਨੇ ਕਾਂਗਰਸ ਅਤੇ ਮੁਸਲਿਮ ਲੀਗ ਦੇ ਹੱਥਾਂ ਵਿਚ ਰਾਜ ਸੱਤਾ ਸੌਂਪੀ (transfer of power) ਅਤੇ ਭਾਰਤੀ ਉਪ-ਮਹਾਂਦੀਪ ਦੇ ਦੋ ਟੁਕੜੇ ਹੋਏ ਤਾਂ ਕਮਿਊਨਿਸਟ ਪਾਰਟੀ ਕੋਈ ਅਹਿਮ ਭੂਮਿਕਾ ਅਦਾ ਨਾ ਕਰ ਸਕੀ। ਪਾਰਟੀ ਨੇ ਪਾਕਿਸਤਾਨ ਬਣਨ ਦੇ ਹੱਕ ਵਿਚ ਮਤਾ ਪਾਇਆ ਅਤੇ ਇਕ ਸਮੇਂ ਵੱਖਰੀਆਂ ਕੌਮੀਅਤਾਂ ਦੀ ਬੰਦਖਲਾਸੀ ਅਤੇ ਆਜ਼ਾਦੀ ਦਾ ਪੱਖ ਪੂਰਦਿਆਂ ‘ਸਿੱਖ ਹੋਮ ਲੈਂਡ’ ਦੇ ਹੱਕ ਵਿਚ ਜਾ ਖੜ੍ਹੀ ਹੋਈ, ਪਰ ਛੇਤੀ ਹੀ ਇਸ ਸਮਝ ਨੂੰ ਤਿਲਾਂਜਲੀ ਦੇ ਕੇ ਲਾਂਭੇ ਹੋ ਗਈ। ਉਸ ਸਮੇਂ ਤੋਂ ਹੀ ਖੱਬੀ ਲਹਿਰ ਅੰਦਰ ઑ’ਪਰਜਾ-ਭਗਤੀ’ ਦੀ ਥਾਂ ‘ਦੇਸ਼ ਭਗਤੀ’ ਦੇ ਬੀਜ ਫੁੱਟਣੇ ਸ਼ੁਰੂ ਹੋ ਗਏ ਸਨ ਅਤੇ ‘ਭਾਰਤੀ ‘ਨੇਸ਼ਨ ਸਟੇਟ’ ਦੇ ਸੰਕਲਪ ਨੇ ਉਸ ਅੰਦਰ ਪੈਰ ਜਮਾਉਣੇ ਸ਼ੁਰੂ ਕਰ ਦਿੱਤੇ ਸਨ।
ਸਾਰੇ ਦੇਸ ਦੇ ਲੋਕਾਂ ਨੂੰ ਇਕੋ-ਸਾਂਝੀ ਭਾਰਤੀ ਕੌਮ ਵਿਚ ਜੋੜਨ ਅਤੇ ਇਸ ਅਧਾਰ ‘ਤੇ ਭਾਰਤੀ ਨੇਸ਼ਨ ਸਟੇਟ ਦੀ ਸਿਰਜਣਾ ਕਰਨ ਦਾ ਵਿਚਾਰ ਸਭ ਤੋਂ ਪਹਿਲਾਂ ਬੰਗਾਲ ਦੇ ਪੜ੍ਹੇ ਲਿਖੇ ਵਰਗ ਨੇ ਲਿਆਂਦਾ ਸੀ। ਇਹ ਬੰਗਾਲੀ ਬੁੱਧੀਮਾਨ ਵਰਗ ਨੇ ਯੂਰਪ ਦੇ ਪੁਨਰ ਜਾਗਰਣ ਤੋਂ ਪ੍ਰੇਰਨਾ ਲੈਂਦਿਆਂ ਬੰਗਾਲੀ ਪੁਨਰ-ਜਾਗਰਣ (Bengali Renaissance) ਦੀ ਲਹਿਰ ਦਾ ਸਿਲਸਿਲਾ ਆਰੰਭ ਕੀਤਾ। ਉਨੀਵੀਂ ਸਦੀ ਦੇ ਅਖ਼ੀਰ ਵਿਚ ਸਵਾਮੀ ਵਿਵੇਕਾਨੰਦ, ਰਾਮ ਮੋਹਨ ਰਾਏ, ਬੈਕਿੰਮ ਚੈਟਰਜੀ ਅਤੇ ਅਰਬਿੰਦੋ ਘੋਸ਼ ਵਰਗੇ ਵੱਡੇ ਵਿਚਾਰਧਾਰਕਾਂ ਨੇ ਬੰਗਾਲੀ ਪੁਨਰ-ਜਾਗਰਣ ਨੂੰ ‘ਹਿੰਦੂ ਜਨ-ਜਾਗਰਣ’ ਦੇ ਮੁਹਾਵਰੇ ਵਿਚ ਉਭਾਰਿਆ। ਇਸੇ ਕਰਕੇ ‘ਅਨੰਦ ਮੱਠ’ ਵਰਗੀਆਂ ਮੁਸਲਮਾਨ ਵਿਰੋਧੀ ਲਿਖਤਾਂ ‘ਚੋਂ ਹੀ ‘ਵੰਦੇ ਮਾਤਰਮ’ ਨਿਕਲਿਆ ਅਤੇ ‘ਬੰਗ ਸ਼ਕਤੀ’ ਮਾਂ ਦੀ ਦੈਵੀ ਪੂਜਾ ਭਾਰਤ ਮਾਤਾ ਦੀ ਪੂਜਾ ਦਾ ਵਿਰਾਟ ਰੂਪ ਧਾਰ ਗਈ ਜਿਸ ਨੇ ਭਾਰਤੀ ਨੇਸ਼ਨ ਸਟੇਟ ਦੇ ਸੰਕਲਪ ਨੂੰ ਤਵਾਰੀਖੀ, ਸੰਸਕ੍ਰਿਤਕ ਅਤੇ ਵਿਚਾਰਧਾਰਕ ਅਧਾਰ ਪ੍ਰਦਾਨ ਕੀਤਾ।
ਖੱਬੇ ਪੱਖੀ, ਮਾਰਕਸਵਾਦੀ ਬੰਗਾਲੀ ਚਿੰਤਕ ਵੀ ਇਸ ઑਨੇਸ਼ਨ ਸਟੇਟ ਦੇ ਸੰਕਲਪ ਦੇ ‘ਫਰੇਮ ਵਰਕ (framework) ਵਿਚੋਂ ਬਾਹਰ ਨਿਕਲ ਹੀ ਨਹੀਂ ਸਕੇ। ਹਕੀਕਤ ਤਾਂ ਇਹ ਹੈ ਕਿ ਭਾਰਤ ਦੀ ਆਜ਼ਾਦੀ ਦੇ ਸੰਗਰਾਮ ਅੰਦਰ ਪਰਗਟ ਹੋਏ ਹਰ ਰੁਝਾਣ, ਇਹ ਉਦਾਰਪੰਥੀ ਸੀ ਜਾਂ ਮਾਰਕਸਵਾਦੀ ਸੀ, ਨਰਮ-ਦਲੀ ਸੀ ਜਾਂ ਗਰਮ-ਦਲੀ ਸੀ, ਸੰਵਿਧਾਨਵਾਦੀ ਸੀ ਜਾਂ ਕ੍ਰਾਂਤੀਕਾਰੀ, ਹਰ ਇਕ ਨੇ ਬੰਗਾਲੀ ਦਾਨਸ਼ਵਰਾਂ ਦੁਆਰਾ ਉਲੀਕੇ ਭਾਰਤੀ ਰਾਸ਼ਟਰਵਾਦ ਦੇ ਸਿਧਾਂਤਕ ਚੌਖਟੇ ਨੂੰ ਹੀ ਅਪਣਾਇਆ ਤੇ ਧਿਆਇਆ। ਕਿਸੇ ਨੇ ਵੀ ਇਸ ਚੌਖਟੇ ਦੀਆਂ ਹੱਦਾਂ ਨਾ ਉਲੰਘੀਆਂ। ਕਮਿਊਨਿਸਟ ਆਗੂਆਂ ਤੇ ਵਿਦਵਾਨਾਂ, ਜਿਹੜੇ ਜਿਆਦਾ ਕਰਕੇ ਬੰਗਾਲ, ਆਂਧਰਾ ਪ੍ਰਦੇਸ਼ ਤੇ ਕੇਰਲਾ ਨਾਲ ਸਬੰਧਤ ਸਨ, ਨੇ ਵੀ ਇਸੇ ਚੌਖਟੇ ਦੀ ਪੂਰਨ ਵਫ਼ਾਦਾਰੀ ਨਾਲ ਪਾਲਣਾ ਕੀਤੀ। ਪੰਜਾਬ ਦੇ ਕਮਿਊਨਿਸਟ ਵੀ ਹਰ ਮਸਲੇ ‘ਤੇ ਪਾਰਟੀ ਦੀ ‘ਕੌਮੀ’ (ਸਰਬ ਭਾਰਤੀ) ਲੀਡਰਸ਼ਿਪ ਦੀ ਪਹੁੰਚ ਅਤੇ ਸਮਝ ਉਤੇ ਹੀ ਮੋਹਰ ਲਾਉਂਦੇ ਰਹੇ। ਇਥੋਂ ਤੱਕ ਕਿ 1960ਵੇਂ ਦੇ ਅਖ਼ੀਰ ਵਿਚ ਨਕਸਲਵਾੜੀ ਲਹਿਰ ਦਾ ‘ਸਿਧਾਂਤ ਅਤੇ ਚਿੰਤਨ ਵੀ ਬੰਗਾਲ ਵਿਚੋਂ ਹੀ ਪੰਜਾਬ ਆਇਆ। ਪਰ ਪੰਜਾਬ ਅੰਦਰਲੇ ਕਮਿਊਨਿਸਟ ਲੀਡਰਾਂ, ਖੱਬ-ਪੱਖੀ ਚਿੰਤਕਾਂ ਨੇ ਕੋਈ ਵੀ ਡੂੰਘਾ ਮਾਰਕਸਵਾਦੀ ਚਿੰਤਨ ਅਤੇ ਸਿਧਾਂਤਕ ਵਿਸ਼ਲੇਸ਼ਣ ਪਿਛਲੇ 60-70 ਸਾਲਾਂ ਤੋਂ ਨਹੀਂ ਕੀਤਾ ਅਤੇ ਇਹ ਵੀ ਸੋਚਣ ਸਮਝਣ ਅਤੇ ਮੰਥਨ ਕਰਨ ਦੀ ਘੱਟ ਹੀ ਕੋਸ਼ਿਸ਼ ਕੀਤੀ ਹੈ ਕਿ ਮਾਰਕਸਵਾਦ-ਲੈਨਿਨਵਾਦ ਪੰਜਾਬ ਦੀ ਵਿਲੱਖਣ ਤਵਾਰੀਖੀ, ਧਾਰਮਿਕ ਅਤੇ ਸੰਸਕ੍ਰਿਤ ਹਾਲਤਾਂ ਵਿਚ ਕਿਵੇਂ ਪੈਰ ਜਮ੍ਹਾਂ ਸਕਦਾ ਹੈ।
ਇਸ ਦੇ ਉਲਟ, 19ਵੀਂ ਸਦੀ ਦੇ ਅੰਤ ਵਿਚ ਬੰਗਾਲ ਤੋਂ ਪੰਜਾਬ ਵਿਚ ‘ਬ੍ਰਹਮੋ ਸਮਾਜ’ ਧੁੱਸ ਦੇ ਕੇ ਆ ਵੜਿਆ। ਪੰਜਾਬ ਦੇ ਪੜ੍ਹੇ ਲਿਖੇ ਹਿੰਦੂ ਸਮਾਜ ਵਿਚ ਆਰੀਆ ਸਮਾਜ ਪੈਰ ਪਸਾਰਣ ਲੱਗ ਪਿਆ। ਇਨ੍ਹਾਂ ਸਭਨਾਂ ਨੇ ਗੈਰ-ਸਿੱਖ ਪੰਜਾਬੀਆਂ ਵਿਚ ઑਭਾਰਤੀ ‘ਨੇਸ਼ਨ ਸਟੇਟ’ ਦਾ ઑਸਮਾਜਿਕ ਆਧਾਰ (social base) ਖੜ੍ਹਾ ਕੀਤਾ। ਇਸ ਦੇ ਭਰਵੇਂ ਸਬੂਤ ਲਾਜਪਤ ਰਾਏ ਆਪਣੀ ਸਵੈ-ਜੀਵਨੀ ਵਿਚ ਭਾਵਪੂਰਕ ਸ਼ਬਦਾਂ ਵਿਚ ਦਿੰਦਾ ਹੈ ਕਿ 1882-83 ਵਿਚ ਹਿੰਦੀ ਭਾਸ਼ਾ ਦੇ ਹੱਕ ਵਿਚ ਹੋਏ ਅੰਦੋਲਨ ਨੇ ਉਸ ਨੂੰ ਬਹੁਤ ਪ੍ਰਭਾਵਤ ਕੀਤਾ। ਲਾਲਾ ਜੀ ਲਿਖਦੇ ਹਨ : ਬ੍ਰਹਮੋ ਸਮਾਜ ਦਾ ਆਗੂ ਬਾਬੂ ਨਵੀਨ ਚੰਦਰ ਰਾਏ ਹਿੰਦੀ ਨੂੰ ਕੌਮੀ ਭਾਸ਼ਾ ਵਜੋਂ ਦੇਖਦਾ ਸੀ। ਉਸ ਨੂੰ ਭਾਰਤੀ ਕੌਮੀਅਤ ਦੀ ਆਧਾਰਸ਼ਿਲਾ ਬਣਾਉਣਾ ਚਾਹੁੰਦਾ ਸੀ। ਉਸ ਦੀਆਂ ਧਾਰਨਾਵਾਂ ਨੇ ਮੇਰੇ ਅੰਦਰ ਕੌਮੀ ਭਾਵਨਾਵਾਂ ਜਗਾਈਆਂ। ਜਦੋਂ ਮੈਂ ਲਾਹੌਰ ਵਿਚ ਪੜ੍ਹਦਾ ਸੀ ਤਾਂ ਮੇਰੀ ਇਹ ਧਾਰਨਾ ਸੀ ਕਿ ਅੰਗਰੇਜ਼ਾਂ ਨੇ ਮੁਸਲਮਾਨਾਂ ਦੇ ਜ਼ੁਲਮਾਂ ਤੋਂ ਸਾਨੂੰ ਖਲਾਸੀ ਦਿਵਾਈ ਹੈ… ਉਦੋਂ ਆਰੀਆ ਸਮਾਜ ਦੀ ਜੋ ਇਕ ਨਿੱਜੀ ਜਿਹੀ ਕਿਸ਼ਤੀ ਸੀ, ਮੇਰੇ ਲਈ ਹਿੰਦੂ ਕੌਮੀਅਤ ਦੀ ਬੇੜੀ ਬਣ ਗਈ ਸੀ।
ਹਿੰਦੀ ਦਾ ਕੈਅ ਖੈਅ ਨਾ ਜਾਣਦੇ ਹੋਏ ਵੀ ਲਾਲਾ ਜੀ ਹਿੰਦੀ ਭਾਸ਼ਾ ਦੇ ਉਪਾਸ਼ਕ ਹੋ ਗਏ ਸਨ।ਇਹੋ ਜਿਹੀ ਪਿੱਠ-ਭੂਮੀ ਸੀ, ਜਿਸ ਕਰਕੇ ਆਜ਼ਾਦੀ ਤੋਂ ਬਾਅਦ ਪੰਜਾਬ ਵਿਚ ਗ਼ੈਰ ਸਿੱਖ ਹਿੰਦੂ ਤਬਕੇ ਦਾ ਵੱਡਾ ਹਿੱਸਾ ਪੰਜਾਬੀ ਮਾਤ ਭਾਸ਼ਾ ਤੋਂ ਮੁਨਕਰ ਹੋ ਗਿਆ ਅਤੇ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਪੰਜਾਬੀ ਸੂਬੇ ਦੀ ਮੰਗ ਦੇ ਵਿਰੋਧ ਵਿਚ ਤਣ ਗਿਆ। ਭਾਰਤੀ ‘ਨੇਸ਼ਨ ਸਟੇਟ’ ਦੇ ਸੰਕਲਪ ਨੂੰ ਲਾਗੂ ਕਰਨ ਦੇ ਰਾਹ ਤੁਰੀ ਕਾਂਗਰਸ ਸਰਕਾਰ ਬੋਲੀ ਦੇ ਆਧਾਰ ਉਤੇ ਸੂਬਿਆਂ ਦੀ ਮੁੜ ਹੱਦਬੰਦੀ ਕਰਨ ਦੇ ਆਪਣੇ ਵਾਅਦੇ ਤੋਂ ਟਾਲ ਮਟੋਲ ਕਰਨ ਲੱਗੀ। ਪ੍ਰਧਾਨ ਮੰਤਰੀ ਪੰਡਤ ਨਹਿਰੂ ਤਾਂ ਪੰਜਾਬੀ ਸੂਬੇ ਦੀ ਮੰਗ ਨੂੰ ਵੱਖਵਾਦੀ ਸਮਝਦਾ ਅਤੇ ਪ੍ਰਚਾਰਦਾ ਰਿਹਾ। ਇਹ ਮੰਗ 15-16 ਸਾਲ ਲਟਕਦੀ ਰਹੀ ਅਤੇ ਨਹਿਰੂ ਨੇ ਆਪਣੇ ਜਿਉਂਦੇ ਜੀਅ ਪੰਜਾਬੀ ਸੂਬਾ ਨਹੀਂ ਬਣਨ ਦਿੱਤਾ। ਪੰਜਾਬ ਦੀ ਖੱਬੀ ਲਹਿਰ ਵੀ ਪੰਜਾਬੀ ਸੂਬੇ ਦੀ ਮੰਗ ਨੂੰ ਲੈ ਕੇ ਲੰਮਾ ਸਮਾਂ ਦੁਬਿਧਾ ਵਿਚ ਰਹੀ। ਸ਼ਹਿਰੀ ਖੇਤਰਾਂ ਵਿਚ ਸਥਿਤ ਕਮਿਊਨਿਸਟ ਲੀਡਰਸ਼ਿਪ ਅਤੇ ਟਰੇਡ ਯੂਨੀਅਨਾਂ ਵਿਚ ਕੰਮ ਕਰਨ ਵਾਲੇ ਕਾਰਕੁੰਨ ਪੰਜਾਬੀ ਸੂਬੇ ਦੇ ਵਿਰੋਧ ਵਿਚ ਖੜ੍ਹੇ ਰਹੇ। ਪੇਂਡੂ ਖੇਤਰਾਂ ਅਤੇ ਦਿਹਾਤ ਵਿਚ ਕੰਮ ਕਰਦੇ ਲੀਡਰ-ਵਰਕਰ ਪੰਜਾਬੀ ਸੂਬੇ ਦਾ ਦਮ ਭਰਦੇ ਰਹੇ।
ਉਸ ਸਮੇਂ ਦੇਸ਼ ਦੀ ਖੱਬੀ ਲਹਿਰ ਭਾਰਤੀ ‘ਨੇਸ਼ਨ ਸਟੇਟ’ ਨੂੰ ਪੂਰਨ ਰੂਪ ਵਿਚ ਧਾਰਨ ਕਰ ਚੁੱਕੀ ਸੀ ਅਤੇ ਪੰਜਾਬ ਦੇ ਲੀਡਰ ਕੇਂਦਰੀ ਲੀਡਰਸ਼ਿਪ ਵਾਂਗ ਦੇਸ਼ ਦੀ ਏਕਤਾ ਅਖੰਡਤਾ਼ ਦਾ ਜਾਪ ਕਰਨ ਲੱਗ ਪਏ ਸਨ। ਅਸਲ ਵਿਚ ਉਸ ਸਮੇਂ ਦੀ ਕੇਂਦਰੀ ਕਾਂਗਰਸ ਸਰਕਾਰ ਅਤੇ ਹਾਕਮ ਵਰਗ ਵੱਲੋਂ ਸ਼ੁਰੂ ਕੀਤਾ ਰਾਸ਼ਟਰਵਾਦੀ ਪ੍ਰਵਚਨ (Nationalistic Discourse) ਕਮਿਊਨਿਸਟ ਸਫ਼ਾਂ ਅੰਦਰ ਵੀ ਪ੍ਰਚਲਤ ਹੋ ਗਿਆ ਸੀ ਜਿਵੇਂ ਭਾਰਤੀ ਕੌਮ ਕੌਮੀ (ਭਾਰਤੀ) ਸ਼ਹੀਦ, ਕੌਮੀ ਝੰਡਾ਼,ਕੌਮੀ ਆਜ਼ਾਦੀ ਅਤੇ ਕੌਮੀ ਲਹਿਰ ਆਦਿ। ਇਹ ਸ਼ਬਦਾਵਲੀ ਹਿੰਦੂ ਨੈਸ਼ਨਲਿਸਟ ਸਿਆਸੀ ਕਾਰਕੁੰਨਾਂ ਦੀ ਤਰਜ਼ ‘ਤੇ ਪੰਜਾਬ ਦੇ ਕਮਿਊਨਿਸਟਾਂ ਦਾ ਸਿਆਸੀ ਮੁਹਾਵਰਾ ਬਣ ਗਈ। ਇਸ ਦੇ ਅਤੇ ਆਰੀਆ ਸਮਾਜ ਵੱਲੋਂ ਤਿਅਰ ਕੀਤੇ ਨੈਸ਼ਨਲਿਸਟਿਕ ਸਮਾਜਿਕ ਆਧਾਰ ਦੇ ਬਾਵਜੂਦ ਵੀ ਹਿੰਦੂ ਪੰਜਾਬ ਦੀ ਖੱਬੀ ਲਹਿਰ ਨਾਲ ਨਾਮਾਤਰ ਹੀ ਜੁੜੇ। ਸਿੱਖ ਹੀ ਕਮਿਊਨਿਸਟ ਪਾਰਟੀ ਦਾ ਧੁਰਾ ਰਹੇ ਅਤੇ 1960ਵੇਂ ਵਿਚ ਪਾਰਟੀ ਲੀਡਰਸ਼ਿਪ ਵਿਚ ਇਹ ਸੁਆਲ ਵਾਰ ਵਾਰ ਉਠਿਆ ਕਿ ਉਸ ਸਮੇਂ ਦੇ ਅਣਵੰਡੇ ਪੰਜਾਬ ਦੀ ਹਿੰਦੂ-ਬਹੁਗਿਣਤੀ ਅਬਾਦੀ ਵਿਚ ਉਨ੍ਹਾਂ ਦੇ ਅਸਲੋਂ ਹੀ ਨਿਗੂਣੇ ਆਧਾਰ ਨੂੰ ਕਿਵੇਂ ਫੈਲਾਇਆ ਜਾਵੇ।
ਫਿਰ, 1970ਵੇਂ ਵਿਚ ਪੰਜਾਬ ਵਿਚ ਖੱਬੀ ਲਹਿਰ ਦੀ ਅਗਨ ਪ੍ਰੀਖਿਆ ਸ਼ੁਰੂ ਹੋਈ ਜਦੋਂ ਸੂਬੇ ਨੂੰ ਵੱਧ ਅਧਿਕਾਰਾਂ ਦੀ ਮੰਗ ਨੂੰ ਲੈ ਕੇ ਸ਼ੂਰੂ ਹੋਇਆ ਅਕਾਲੀ ਦਲ ਦਾ ਮੋਰਚਾ ਅਸਲ ਵਿਚ ‘ਭਾਰਤੀ ‘ਨੇਸ਼ਨ ਸਟੇਟ’ ਲਈ ਵੰਗਾਰ ਬਣਿਆ। ਵਿਭਿੰਨ ਹਾਲਤਾਂ ਦੇ ਦਬਾਅ ਥੱਲੇ ਇਹ ਮੋਰਚਾ ઑਸਿੱਖ ਭਾਈਚਾਰੇ ਦੀ ਵਿਲੱਖਣ ਹੋਂਦ ਅਤੇ ਪਹਿਚਾਣ ਦਾ ਮੁੱਦਾ ਬਣ ਗਿਆ। ਭਾਰਤੀ ਸਟੇਟ ਨੇ ਇਸ ਸਿੱਖ ਜੱਦੋਜਹਿਦ, ਜਿਸ ਦਾ ਕੇਂਦਰ ਦਰਬਾਰ ਸਾਹਿਬ ਅੰਮ੍ਰਿਤਸਰ ਬਣ ਗਿਆ ਸੀ, ਨੂੰ ਜੂਨ 1984 ਵਿਚ ਫੌਜੀ ਸ਼ਕਤੀ ਦੇ ਜ਼ੋਰ ਨਾਲ ਦਬਾਅ ਦਿੱਤਾ। ‘ਬਲਿਊ-ਸਟਾਰ’ ਅਪਰੇਸ਼ਨ ਦੌਰਾਨ ਹਜ਼ਾਰਾਂ ਬੇਗੁਨਾਹਾਂ ਦੀਆਂ ਜਾਨਾਂ ਗਈਆਂ, ਸਿੱਖਾਂ ਦੇ ਸਰਵਉਚ ਧਾਰਮਿਕ ਸਥਾਨ ਦੀ ਬੇਹੁਰਮਤੀ ਹੋਈ ਅਤੇ ਸਾਰੀ ਦੁਨੀਆ ਭਰ ਵਿਚ ਵਸਦੇ ਸਿੱਖ ਧਾਰਮਿਕ ਅਤੇ ਭਾਵਨਾਤਮਿਕ ਤੌਰ ‘ਤੇ ਝੰਜੋੜੇ ਗਏ।
ਪਰ ਕਮਿਊਨਿਸਟਾਂ ਦਾ ਸਟੈਂਡ ਇਸ ਸਾਰੇ ਵਰਤਾਰੇ ਦੌਰਾਨ ਕਾਂਗਰਸ ਅਤੇ ਭਾਜਪਾ ਵਰਗੀਆਂ ਹਾਕਮੀ ਬੁਰਜੂਆ ਪਾਰਟੀਆਂ ਤੋਂ ਵੱਖਰਾ ਨਹੀਂ ਰਿਹਾ। ਸਗੋਂ ਖੱਬੀ ਲਹਿਰ ਜਿਸ ਵਿਚ ਸੀਪੀਆਈ, ਸੀਪੀਆਈ (ਮਾਰਕਸਵਾਦੀ) ਅਤੇ ਨਕਸਲਵਾੜੀ ਦੇ ਗਰੁੱਪ ਵੀ ਸ਼ਾਮਿਲ ਹਨ, ਨੇ ਅਕਾਲੀ ਮੋਰਚੇ ਪ੍ਰਤੀ ਉਹੀ ਸਿਆਸੀ ਮੁਹਾਵਰਾ ਵਰਤਣਾ ਸ਼ੁਰੂ ਕਰ ਦਿੱਤਾ ਜਿਹੜਾ ਭਾਰਤੀ ਸਟੇਟ ਅਤੇ ਹਾਕਮ ਵਰਗ ਨੇ ਸਿਰਜੇ ਸਨ, ਜਿਵੇਂ ‘ਵੱਖਵਾਦੀ ਅੱਤਵਾਦੀ਼ ਅਤੇ ਮੂਲਵਾਦੀ਼ (fundamentalist) ਆਦਿ। ਇਹ ਸਾਰੀ ਸ਼ਬਦਾਵਲੀ ਮਾਰਕਸੀ ਲਿਟਰੇਚਰ ਵਿਚੋਂ ਕਿਤੇ ਨਹੀਂ ਮਿਲਦੀ। ਇਹ ਸਾਰੀਆਂ ਧਾਰਨਾਵਾਂ ਸਣੇ ਧਰਮ ਨੂੰ ਸਿਆਸਤ ਤੋਂ ਵੱਖ ਕਰਨਾ ਪੱਛਮੀ ਲਿਬਰਲ ਡੈਮੋਕਰੇਸੀ ਦੀ ਉਸ ਤਰ੍ਹਾਂ ਦੀ ਉਪਜ ਹੈ ਜਿਵੇਂ ਨੇਸ਼ਨ ਸਟੇਟ ਦਾ ਸੰਕਲਪ। ਦਰਬਾਰ ਸਾਹਿਬ ਅੰਮ੍ਰਿਤਸਰ ਉਤੇ ਫੌਜੀ ਹਮਲੇ ਲਈ ਤਾਂ ਬਹੁਗਿਣਤੀ ਕਮਿਊਨਿਸਟ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਉਸ ਦੇ ਸਾਥੀਆਂ ਨੂੰ ਸਿੱਧਾ ਜ਼ਿੰਮਵੇਾਰ ਠਹਿਰਾਉਂਦਿਆਂ ਭਾਰਤ ਸਟੇਟ ਦੇ ਐਕਸ਼ਨ ਨੂੰ ਜਾਇਜ਼ ਕਰਾਰ ਦੇਣ ਦੇ ਪੱਧਰ ਉਤੇ ਜਾ ਪਹੁੰਚੇ ਸਨ। ਪਰ ਨਵੰਬਰ 84 ਦੇ ਦਿੱਲੀ ਅਤੇ ਹੋਰ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ, ਜਿਸ ਪਿੱਛੇ 2002 ਦੇ ਗੁਜਰਾਤ ਦੰਗਿਆਂ ਵਾਂਗ ਹਿੰਦੂ ਫਿਰਕਾਪ੍ਰਸਤ ਅਤੇ ਫਾਸ਼ੀਵਾਦੀ ਭਾਵਨਾ ਕੰਮ ਕਰਦੀ ਸੀ, ਬਾਰੇ ਕਮਿਊਨਿਸਟ ਪਾਰਟੀਆਂ ਅਤੇ ਖੱਬੇ ਬੁੱਧੀਜੀਵੀ ਦੜ੍ਹ ਵੱਟ ਜਾਣਾ ਹੀ ਬਿਹਤਰ ਸਮਝਦੇ ਹਨ। ਇਸ ਤਰ੍ਹਾਂ ਉਹ ਭਾਰਤੀ ਸਟੇਟ ਨੂੰ ਉਸ ਵੱਲੋਂ ਕੀਤੇ ਬੱਜਰ ਅਪਰਾਧਾਂ ਅਤੇ ਮਨੁੱਖੀ ਅਧਿਕਾਰਾਂ ਦੇ ਹਨਨ ਤੋਂ ਬਰੀ ਕਰ ਦਿੰਦੇ ਹਨ। ਸਿੱਖ ‘ਵੱਖਵਾਦ-ਅੱਤਵਾਦ’ ਵੱਲੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਦਰਪੇਸ਼ ਖ਼ਤਰਾ ਖੱਬੀ ਲਹਿਰ ਦੇ ਵਿਕਾਸ ਵਿਚ ਵੱਡਾ ਅੜਿੱਕਾ ਜਾਪਦਾ।  
‘ਨੇਸ਼ਨ ਸਟੇਟ’ ਦੇ ਨੈਰੇਟਿਵ਼ ਨੂੰ ਇਸ ਕਦਰ ਖੱਬੇ ਚਿੰਤਕਾਂ ਨੇ ਆਤਮਸਾਤ ਕਰ ਲਿਆ ਹੈ ਕਿ ਇਸ ਤੱਥ ਦਾ ਮੰਥਨ ਘੱਟ ਹੀ ਹੁੰਦਾ ਹੈ ਕਿ ਵਿਸ਼ਾਲ ਉਪ-ਮਹਾਂਦੀਪਨੁਮਾ ਭਾਰਤ ਦੀ ਟੈਰੀਟੋਰੀਅਲ ਯੂਨਿਟੀ ਨੂੰ ਕਾਇਮ ਰੱਖਣਾ ਵੱਡੀ ਬੁਰਜੂਆਜ਼ੀ, ਕਾਰਪੋਰੇਟ ਹਾਊਸਜ਼ ਅਤੇ ਭਾਰੀ ਭਰਕਮ ਵਪਾਰੀ ਅਦਾਰਿਆਂ ਦੇ ਹਮੇਸ਼ਾ ਹਿਤ ਵਿਚ ਹੈ। ਇਸੇ ਕਰਕੇ ਉਨ੍ਹਾਂ ਦੇ ਪ੍ਰਭਾਵ ਹੇਠ ਚਲਦੀਆਂ ਕੇਂਦਰੀ ਸਰਕਾਰਾਂ ਅਤੇ ਹਾਕਮ ਵਰਗ ਵੀ ਇਸੇ ਏਕਤਾ-ਅਖੰਡਤਾ ਦੀ ਪਵਿੱਤਰਤਾ ਦਾ ਢੰਡੋਰਾ ਪਿੱਟਦੇ ਰਹਿੰਦੇ ਹਨ, ਪਰ ਖੱਬੀ ਲਹਿਰ ਦੇ ਲੀਡਰਾਂ, ਖਾਸ ਕਰਕੇ ਪੰਜਾਬ ਦੇ ਕਾਮਰੇਡਾਂ, ਵੱਲੋਂ ਇਸ ਨੂੰ ઑઑਦੈਵੀ ਪੱਧਰ ਉਤੇ ਮੰਨ ਲੈਣਾ ਕੀ ਉਨ੍ਹਾਂ ਦੀ ਮਾਰਕਸਵਾਦੀ ਸਮਝ ਦਾ ਪ੍ਰਗਟਾਵਾ ਹੈ? ਮਾਰਕਸੀ ਚਿੰਤਨ ਦਾ ਧੁਰਾ ਮਨੁੱਖ ਅਤੇ ਮਨੁੱਖ ਦੀ ਸੰਸਕ੍ਰਿਤਕ-ਸਭਿਆਚਰਕ ਆਜ਼ਾਦੀ ਅਤੇ ਮੁਕਤੀ ਹੁੰਦਾ ਹੈ। ਲੰਮੇ ਦਸ ਸਾਲ ਦੇ ਅਰਸੇ ਦੌਰਾਨ, ਬੇਤਹਾਸ਼ਾ ਸਰਕਾਰੀ ਦਮਨ ਅਤੇ ਝੂਠੇ ਮੁਕਾਬਲਿਆਂ ਵਿਚ 35,000 ਸਿੱਖ ਨੌਜਵਾਨ ਮਾਰੇ ਗਏ। ਹਜ਼ਾਰਾਂ ਬੇਕਸੂਰ ਲੋਕਾਂ ਅਤੇ ਸਿੱਖ ਪਰਿਵਾਰਾਂ ਉਤੇ ਸੁਰੱਖਿਆ ਦਸਤਿਆਂ ਵੱਲੋਂ ਤਸ਼ੱਦਦ ਢਾਹੇ ਗਏ ਅਤੇ ਔਰਤਾਂ ਦੀ ਵੀ ਵੱਡੇ ਪੱਧਰ ਉਤੇ ਬੇਹੁਰਮਤੀ ਹੋਈ। ਪਰ ਖੱਬੀ ਲਹਿਰ ਦੇ ਲੀਡਰ ਇਸ ਸਾਰੇ ઑਦਮਨ ਚੱਕਰ ਨੂੰ ਆਪਣੇ ਨਾਲ ઑ’ઑਸਿੱਖ ਅੱਤਵਾਦੀਆਂ’ ਵੱਲੋਂ ਕੀਤੀਆਂ ਜ਼ਿਆਦਤੀਆਂ ਦੀ ਤੱਕੜੀ ਵਿਚ ਤੋਲਦੇ ਰਹੇ ਅਤੇ ਸਟੇਟ ਦੀ ਫਾਸ਼ੀਵਾਦੀ ਨੀਤੀ ਅਤੇ ਸਰਕਾਰੀ ਦਹਿਸ਼ਤਗਰਦੀ ਉਤੇ ઑਸਹੀ ਦੀ ਮੋਹਰ ਲਾਉਂਦੇ ਰਹੇ। ਪੰਜਾਬ ਵਿਚ ਹੋਏ ਇੰਨੇ ਵੱਡੇ ਖ਼ੂਨ ਖਰਾਬੇ ਵਿਚ ਸਿੱਖ ਖਾੜਕੂਆਂ ਦੀਆਂ ਗ਼ਲਤੀਆਂ ਦੀ ਹਿੱਸੇਦਾਰੀ ਵੀ ਹੋਵੇਗੀ ਪਰ ਸਰਕਾਰੀ ਤੰਤਰ ਦੇ ਗੈਰ-ਜ਼ਮਹੂਰੀ ਅਮਲ ਅਤੇ ਐਕਸ਼ਨਾਂ ਨੂੰ ਖੱਬੀ ਲਹਿਰ ਵੱਲੋਂ ਇਸ ਕਦਰ ਦਰਕਿਨਾਰ ਕਰਨਾ ਕਿਵੇਂ ਜਾਇਜ਼ ਠਹਿਰਾਇਆ ਜਾ ਸਕਦਾ ਹੈ? ਅਸਲ ਵਿਚ ਖੱਬੀ ਲਹਿਰ ਦਾ ਬਹੁਤਾ ਹਿੱਸਾ ‘ਹਿੰਦੂ ਰਾਸ਼ਟਰਵਾਦੀ ਸਟੇਟ’ ਦੇ ਰੱਥ ਦੀ ਸਵਾਰੀ ਕਰ ਚੁੱਕਿਆ ਹੈ ਜਿਸ ਕਰਕੇ ਉਸ ਨੇ ਪੰਜਾਬ ਦੇ ਵੱਧ ਅਧਿਕਾਰਾਂ (autonomy) ਦੀ ਮੰਗ, ਸਿੱਖ ਪਹਿਚਾਣ ਨਾਲ ਜੁੜੀਆਂ ਜਾਇਜ਼ ਸਭਿਆਚਾਰਕ ਅਤੇ ਧਾਰਮਿਕ ਮੰਗਾਂ ਨੂੰ ਸਰਕਾਰ ਵੱਲੋਂ ਇਕੋ ਹੀ ‘ઑਦੇਸ ਵਿਰੋਧੀ’ ਖਾਤੇ ਵਿਚ ਪਾਉਣ ਦਾ ਵਿਰੋਧ ਨਹੀਂ ਕੀਤਾ। ਫੌਜੀ ਸੁਰੱਖਿਆਂ ਦਲਾਂ ਦੀ ਬੇਦਰੇਗ਼ ਵਰਤੋਂ ਨਾਲ ‘ਸਿੱਖ ਵਿਰੋਧ’ (dissent) ਦੀ ਸੰਘੀ ਦਬਾ ਦੇਣ ਦੇ ਅਮਲ ਦਾ ਹੀ ਦਮ ਭਰਿਆ। ਖੱਬੀ ਲਹਿਰ ਦੇ ਲੀਡਰ ਬਹੁਤ ਵਾਰ ਦਾਅਵਾ ਵੀ ਕਰਦੇ ਹਨ ਕਿ ਉਨ੍ਹਾਂ ਨੇ ਵੀ ਪੰਜਾਬ ਵਿਚ ਹੋਏ ਧੱਕੇ ਅਤੇ ਝੂਠੇ ਪੁਲਿਸ ਮੁਕਾਬਲਿਆਂ ਦਾ ਵਿਰੋਧ ਕੀਤਾ। ਉਨ੍ਹਾਂ ਵੱਲੋਂ ਨੰਗੇ-ਚਿੱਟੇ ਪੁਲਿਸ ਧੱਕੇ ਉਲਟ ਜੋ ਵੀ ਦਰਜ ਕੀਤਾ, ਉਹ ਪੰਜਾਬ ਦੇ ਪੈਂਤੜੇ ਤੋਂ ਨਹੀਂ ਹੋਇਆ, ਬਲਕਿ ઑਭਾਰਤੀ ਨੇਸ਼ਨ ਦੇ ਪਲੇਟਫਾਰਮ ਤੋਂ ਹੀ ਕੀਤਾ ਗਿਆ। ਇਸ ਕਰਕੇ, ਮਾਰੇ ਜਾਣ ਵਾਲੇ ਸਿੱਖ ਨੌਜਵਾਨ ਅਤੇ ਤਸ਼ੱਦਦ ਝੱਲਣ ਵਾਲੇ ਸਿੱਖ ਪਰਿਵਾਰ ਹੀ ਉਨ੍ਹਾਂ ਵਲੋਂ ਦੇਸ਼ ਤੋੜਨ ਜਾਂ ਦੇਸ਼ ਵਿਰੋਧੀ ਕਾਰਵਾਈ ਦੇ ‘ਦੋਸ਼ੀ’ ਮਿੱਥੇ ਗਏ। ਇਸ ਸਬੰਧੀ ਉਨ੍ਹਾਂ ਦੀ ਸਮਝ ਉਹੀ ਪਹਿਲਾਂ ਵਾਲੀ ਹੀ ਹੋ ਨਿੱਬੜੀ ਜਿਹੜੀ ਸਟੇਟ ਨੂੰ ਫਾਸ਼ੀਵਾਦੀ ਦਮਨ ਦੇ ਅਮਲ ਤੋਂ ਬਰੀ ਕਰਦੀ ਹੈ। ਅਸਲੀਅਤ ਤਾਂ ਇਹ ਹੈ ਕਿ ਸਿੱਖ ਘੱਟ ਗਿਣਤੀ ਦੇ ਵਿਰੋਧ ਵਿਚ ਖੱਬੀ ਲਹਿਰ ਦੇ ਲੀਡਰਾਂ ਨੇ ਭਾਰਤੀ ਸਟੇਟ ਲਈ ਦੇਸ਼ ਵਿਚ ਲੋੜੀਂਦੀ ਜਨਤਕ ਰਾਇ ਤਿਆਰ ਕਰਨ ਵਿਚ ઑਲੋਕ ਸੰਪਰਕ ਮਹਿਕਮੇ਼ ਦਾ ਰੋਲ ਨਿਭਾਇਆ। ਜਿਵੇਂ ਸੀਪੀਆਈ ਅਤੇ ਨਕਸਲੀਆਂ ਦੇ ਨਾਗੀਰੈਡੀ ਗਰੁੱਪ ਨੇ ਬਲਿਊ-ਸਟਾਰ ਅਪਰੇਸ਼ਨ ਨੂੰ ‘ਸਹੀ’ ਕਰਾਰ ਦਿੱਤਾ ਅਤੇ ਮਾਰਕਸਵਾਦੀ ਲੀਡਰ ਹਰਕਿਸ਼ਨ ਸਿੰਘ ਸੁਰਜੀਤ ਨੇ ਫੌਜੀ ਐਕਸ਼ਨ ਨੂੰ ਸਿਰਫ ਇਸ ਕਰਕੇ ਗ਼ਲਤ ਕਿਹਾ ਕਿ ਇਸ ਨਾਲ ਸਿੱਖ ਅੱਤਵਾਦੀਆਂ ਅਤੇ ਖਾਲਿਸਤਾਨੀ ਤੱਤਾਂ ਨੂੰ ਬਲ ਮਿਲੇਗਾ। ਇਹ ਵਿਰੋਧ ‘ਨੇਸ਼ਨ ਸਟੇਟ ਦੇ ਡਿਸਕੋਰਸ (discourse) ਦੇ ਘੇਰੇ ਅੰਦਰਲਾ ਹੈ। ਇਸ ਚੌਖਟੇ ਵਿਚ ਰਹਿੰਦਿਆਂ ਤਾਂ ਭਾਰਤੀ ਜਨਤਾ ਪਾਰਟੀ ਨੇ ਵੀ ਕਾਂਗਰਸ ਸਰਕਾਰ ਵੱਲੋਂ ਦਰਬਾਰ ਸਾਹਿਬ ਵਿਚ ਬੇਤਹਾਸ਼ਾ ਫੌਜੀ ਬਲ ਦੀ ਵਰਤੋਂ ਦਾ ਵਿਰੋਧ ਕੀਤਾ ਸੀ, ਭਾਵੇਂ ਲੰਮੇ ਸਮੇਂ ਤੋਂ ਸ਼ਕਤੀ ਨਾਲ ਅਤਿਵਾਦੀਆਂ ਨੂੰ ਕੁਚਲਣ ਦੀ ਮੰਗ ਕਰ ਰਹੀ ਸੀ। ਖੱਬੀ ਲਹਿਰ ਦੇ ਬਹੁਤੇ ਆਗੂਆਂ ਨੇ ਸਿੱਖ ਘੱਟ ਗਿਣਤੀ ਵੱਲੋਂ ਸਮੇਂ ਸਮੇਂ ਧਾਰਮਿਕ ਹੋਂਦ ਅਤੇ ਸਮੁੱਚੇ ਅਸਤਿਤਵ ਨੂੰ ਦਰਪੇਸ਼ ਖ਼ਤਰਿਆਂ ਦੀ ਦੁਹਾਈ ਪ੍ਰਤੀ ਕਦੇ ਸੰਵਦੇਨਸ਼ੀਲਤਾ ਨਹੀਂ ਪ੍ਰਗਟਾਈ ਸਗੋਂ ਜ਼ਾਹਿਰਾ ਵਿਰੋਧ ਵਿਖਾਇਆ। ਸਿੱਖ ਭਾਈਚਾਰੇ ਉਤੇ ਸਟੇਟ ਵੱਲੋਂ ਕੀਤੇ ઑਦਮਨ ਦੇ ਸਿਰਫ਼ ਤੌਰ-ਤਰੀਕਿਆਂ ਉਤੇ ਹੀ ਉਨ੍ਹਾਂ ਕਿਤੇ ਕਿਤੇ ਮਰੀਅਲ ਜਿਹੀ ਅਸਹਿਮਤੀ ਦਰਜ ਕੀਤੀ ਹੈ।  
‘ਸਿੱਖ ‘ਅੱਤਵਾਦ-ਵੱਖਵਾਦ’ ਨੂੰ ਕੁਚਲਣ ਦੇ ਭਾਰਤੀ ਸਟੇਟ ਦੇ ਏਜੰਡੇ ਅਤੇ ਅਮਲ ਵਿਚ ਖੱਬੀ ਲਹਿਰ ਦੇ ਲੀਡਰ ਮੂਹਰਲੀਆਂ ਸਫਾਂ ਵਿਚ ਜਾ ਖੜ੍ਹੇ ਹੋਏ ਅਤੇ ਉਨ੍ਹਾਂ ਇਕ ਹਰਿਆਵਲ ਦਸਤੇ ਵਾਲਾ ਰੋਲ ਅਦਾ ਕੀਤਾ। ਜਿਸ ਕਰਕੇ ਉਨ੍ਹਾਂ ਵੱਲੋਂ ‘ਬੁਲਟ ਫਾਰ ਬੁਲੱਟ’ ਤੱਕ ਦੀ ਪਾਲਿਸੀ ਵੀ ਅਖ਼ਤਿਅਰ ਕੀਤੀ; ਸਰਕਾਰੀ ਹਥਿਆਰ ਅਤੇ ਹੋਰ ਰਣਨੀਤਕ ਸਹਾਇਤਾ (logistic support) ਵੀ ਲਈ। ਮਾਰਕਸਵਾਦੀ ਨੇਤਾ ਹਰਕ੍ਰਿਸ਼ਨ ਸਿੰਘ ਸੁਰਜੀਤ ਨੇ ਸਰਕਾਰੀ ઑਦਮਨ ਮੁਹਿੰਮ ਦੇ ਆਗੂ ਕੇ.ਪੀ. ਐਸ ਗਿੱਲ ਦੇ ਸ਼ਾਸਨ ਕਾਲ ਵਿਚ ਲੋੜੀਂਦੇ ਵਾਧੇ ਲਈ ਦਿੱਲੀ ਸੱਤਾ ਦੇ ਗਲਿਆਰਿਆਂ ਵਿਚ ਆਪਣੇ ਅਸਰ ਰਸੂਖ ਦੀ ਜ਼ਾਹਰਾ ਵਰਤੋਂ ਕੀਤੀ।
ਖੱਬੀ ਲਹਿਰ ਦੇ ਲੀਡਰਾਂ ਨੇ ਪੰਜਾਬ ਵਿਚ ਲਈਆਂ ਕਾਂਗਰਸ/ਭਾਜਪਾ ਤਰਜ਼ ਦੀਆਂ ਸਿਆਸੀ ਪੁਜੀਸ਼ਨਾਂ ਦੀ ਸ਼ਾਇਦ ਹੀ ਕਦੇ ਸਮੀਖਿਆ ਕੀਤੀ ਹੋਵੇ, ਪਰ ਉਹ ‘ਸਿੱਖ ਪਹਿਚਾਣ’ ਦੀ ਲੜਾਈ (Sikh identity politics) ਦਾ ਪਿਛਲੇ ਕਈ ਦਹਾਕਿਆਂ ਤੋਂ ਅੱਜ ਤੱਕ ਵਿਰੋਧ ਕਰਦੇ ਆ ਰਹੇ ਹਨ। ਉਹ ਇਹ ਤਰਕ ਦਿੰਦੇ ਹਨ ਕਿ ‘ਆਇਡੈਂਟਿਟੀ ਪਾਲੇਟਿਕਸ’ ਮਾਰਕਸਵਾਦੀ ਜਮਾਤੀ ਸੰਘਰਸ਼ ਦਾ ਨਿਸ਼ੇਧ ਹੁੰਦੀ ਹੈ ਪਰ ਉਹ ਭੁੱਲ ਜਾਂਦੇ ਹਨ ਕਿ ਭਾਰਤੀ ਨੇਸ਼ਨ ਸਟੇਟ ਦਾ ਸੰਕਲਪ, ਜਿਸ ਦਾ ਉਹ ਦਮ ਭਰਦੇ ਨੇ, ਬਹੁਗਿਣਤੀ ਹਿੰਦੂ ਵਸੋਂ ਦੇ ਆਧਾਰ ਉਤੇ ਅਤੇ ਬਲਬੂਤੇ ‘ਤੇ ਇਕ ਕੌਮ, ਇਕ ਹਿੰਦੂ ਪਹਿਚਾਣ ਸਿਰਜਣ ਦੀ ਪ੍ਰਕਿਰਿਆ ਹੀ ਹੈ। ਕੇਂਦਰੀ ਹਾਕਮਾਂ ਵੱਲੋਂ ਵਿਸ਼ਾਲ ਭਾਰਤ ਨੂੰ ਇਕ ਕੌਮ ਦੀ ਸੂਈ ਦੇ ਨੱਕੇ ਵਿਚੋਂ ਕੱਢਣਾ ਵੱਖ ਵੱਖ ਸਭਿਆਚਾਰਾਂ, ਭਿੰਨ ਭਿੰਨ ਧਾਰਮਿਕ ਅਕੀਦਿਆਂ ਅਤੇ ਇਤਿਹਾਸਕ ਤੌਰ ਉਤੇ ਉਪਜੀਆਂ ਕੌਮੀਅਤਾਂ ਦਾ ਮਲੀਆਮੇਟ ਕਰਨਾ ਹੀ ਹੈ। ਆਲਮੀ ਪੱਧਰ ਉਤੇ ਇਸੇ ਤਰਜ਼ ਉਤੇ ਵਖਰੇਵਿਆਂ (diversity) ਵਿਚ ਇਕਸੁਰਤਾ (uniformity) ਲਿਆਉਣ ਦੇ ਯਤਨਾਂ ਨੂੰ ਵਿਸ਼ਵੀਕਰਨ’ globalization ਕਿਹਾ ਜਾਂਦਾ ਹੈ। ਜਿਸ ਦਾ ਹਰ ਵੰਨਗੀ ਦੇ ਕਮਿਊਨਿਸਟ ਵਿਰੋਧ ਕਰਦੇ ਹਨ।
ਅਸਲ ਵਿਚ ਘੱਟ ਗਿਣਤੀ ਸਿੱਖ ਭਾਈਚਾਰੇ ਦੇ ਸੰਘਰਸ਼ ਦਾ ਵਿਰੋਧ ਕਰਨ ਲਈ ਖੱਬੀ ਲਹਿਰ ਦੇ ਲੀਡਰ ‘ਜਮਾਤੀ ਸੰਘਰਸ਼ ਦੇ ਸਿਧਾਂਤ ਨੂੰ ਉਛਾਲ ਕੇ ਇਹ ਤਰਕ ਦਿੰਦੇ ਹਨ ਕਿ ‘ਸਿੱਖ ਪਹਿਚਾਣ’ ਦੀ ਸਿਆਸਤ ‘ਸਮਾਜਿਕ ਨਿਆਂ’ (Social justice) ਨਹੀਂ ਲਿਆ ਸਕਦੀ ਪਰ ਉਹ ਇਹੀ ਮਾਪਦੰਡ ਭਾਰਤੀ ਨੇਸ਼ਨ ਸਟੇਟ ਦੇ ਸਬੰਧ ਵਿਚ ਪੇਸ਼ ਨਹੀਂ ਕਰਦੇ। ਤੱਥ ਤਾਂ ਇਹ ਹੈ ਕਿ ਨੇਸ਼ਨ ਸਟੇਟ ਦੀ ਪੌੜੀ ਚੜ੍ਹਿਆਂ ਭਾਰਤੀ ਸਮਾਜ ਅੰਦਰ ਘਿਣਾਉਣੇ ਜਾਤ-ਪਾਤ ਸਿਸਟਮ ਉਤੇ ਸੌਖੀ ਹੀ ਲਿਪਾ ਪੋਚੀ ਹੋ ਜਾਂਦੀ ਹੈ ਅਤੇ ਜਮਾਤੀ ਸੰਘਰਸ਼ ਦੇ ਨਾਹਰੇ ਦੀ ਓਟ ਲੈ ਕੇ, ਜਾਤ ਪਾਤ ਨੂੰ ਮਿਟਾਉਣ ਦੀ ਸਿੱਧੀ ਲਾਮਬੰਦੀ ਤੋਂ ਬਚ ਕੇ ਨਿਕਲਿਆ ਜਾ ਸਕਦਾ ਹੈ। ਵੈਸੇ ਵੀ ‘ਜਮਾਤੀ ਸੰਘਰਸ਼ ਟਕਸਾਲੀ ਮਾਰਕਸਵਾਦੀ ਰੂਪ ਵਿਚ ਦੁਨੀਆ ਦੇ ਕਿਸੇ ਹਿੱਸੇ ਵਿਚ ਅੱਜ ਦੇ ਯੁੱਗ ਵਿਚ ਨਹੀਂ ਚੱਲ ਰਿਹਾ ਪਰ ਕੌਮੀਅਤਾਂ ਦੀ ਲੜਾਈ ਜਗ੍ਹਾ ਜਗ੍ਹਾ ਹੋ ਰਹੀ ਹੈ। ਉਂਝ ਵੀ ਜਮਾਤੀ ਸੰਘਰਸ਼ ਖੱਬੇ ਲਹਿਰ ਦੇ ਅਮਲ (practice) ਵਿਚ ਕਿਤੇ ਵੀ ਦਿਖਾਈ ਨਹੀਂ ਦਿੰਦਾ ਅਤੇ ਇਸੇ ਹੀ ਤਰ੍ਹਾਂ ਇਸ ਦੀ ਵਰਤੋ ‘ਸਿੱਖ ਪਹਿਚਾਣ’ ਦੀ ਕਾਟ ਦੇ ਤੌਰ ‘ਤੇ ਕੀਤੀ। ‘ਪੰਜਾਬੀ ਕੌਮੀਅਤ’ ਦੇ ਸੰਕਲਪ ਪ੍ਰਤੀ ਖੱਬੀ ਲਹਿਰ ਦੇ ਕਾਰਕੁੰਨਾਂ ਅਤੇ ਬੁੱਧੀਜੀਵੀਆਂ ਦੀ ਸੁਹਿਰਦਤਾ ਅਤੇ ਸਿਆਸੀ ਅਮਲ ਕਿਤੇ ਵੀ ਨਜ਼ਰ ਨਹੀਂ ਆਉਂਦਾ। ਉਹ ਪੰਜਾਬੀ ਕੌਮ ਦੀ ਮੁਕਤੀ ਲਈ ਕੋਈ ਸੰਘਰਸ਼ ਨਹੀਂ ਕਰ ਰਹੇ। ਨਾ ਉਨ੍ਹਾਂ ਨੇ ਅੱਜ ਤਕ ਇਸ ਦਿਸ਼ਾ ਵਿਚ ਕੋਈ ਕਾਰਜ ਤੇ ਅਜੰਡਾ ਮਿਥਿਆ ਹੈ।  
ਇਸ ਪ੍ਰਸੰਗ ਵਿਚ ਖੱਬੀ ਲਹਿਰ ਦੀ ਚੀਰ ਫਾੜ ਕਰਦਿਆਂ ਅਰੁੰਧਤੀ ਰੌਏ ਆਪਣੇ ਲੇਖ ‘ਕੈਪੀਟਲਿਜ਼ਮ-ਏ ਘੋਸਟ ਸਟੋਰੀ’ (ਆਊਟਲੁਕ ਮੈਗਜ਼ੀਨ ਮਾਰਚ, 26,2012) ਵਿਚ ਲਿਖਦੀ ਹੈ-‘ਜਾਤਪਾਤ ਦੀ ਡੂੰਘੀ ਖਾਈ ਵਿਚ ਡਿੱਗੇ ਦਲਿਤਾਂ ਦੀ ਸ਼ਰਮ ਭਰੀ ਦੁਰਦਸ਼ਾ ਲਈ ਖੱਬੀ ਲਹਿਰ ਵੀ ਕਾਫ਼ੀ ਹੱਦ ਤੱਕ ਦੋਸ਼ੀ ਹੈ। ਕਿਉਂਕਿ ਭਾਰਤੀ ਕਮਿਊਨਿਸਟ ਇਸ ਲਹਿਰ ਦੇ ਆਗੂ ਜ਼ਿਆਦਾਤਰ ਉਪਰਲੀਆਂ ਸਵਰਨ ਜਾਤੀਆਂ ਵਿਚੋਂ ਹੀ ਅੱਜ ਤੱਕ ਆ ਰਹੇ ਹਨ ਅਤੇ ਸਾਲਾਂ ਬੱਧੀ ਉਹ ਇਸ ਕੋਸ਼ਿਸ਼ ਵਿਚ ਮਸਰੂਫ਼ ਹਨ ਕਿ ਜਾਤਪਾਤ ਦੇ ਸਵਾਲ ਨੂੰ ਮਾਰਕਸਵਾਦੀ ਜਮਾਤੀ ਸੰਘਰਸ਼ ਦੇ ਸਿਧਾਂਤ ਵਿਚ ਕਿਵੇਂ ਜੋਰ ਸ਼ੋਰ ਨਾਲ ਫਿੱਟ ਕੀਤਾ ਜਾਵੇ। ਇਸ ਤਰ੍ਹਾਂ ਦੀ ਪ੍ਰਕਿਰਿਆ ਲਈ ਉਹ ਸਿਧਾਂਤਕ ਅਤੇ ਅਮਲੀ, ਦੋਨੋਂ ਪੱਧਰਾਂ ਉਤੇ ਬੁਰੀ ਤਰ੍ਰਾਂ ਅਸਫਲ ਹੋਏ ਹਨ। ਖੱਬੇ ਪੱਖੀਆਂ ਅਤੇ ਦਲਿਤਾਂ ਦਰਮਿਆਨ ਪਾੜਾ ਮੁਢਲੇ ਦਿਨਾਂ ਵਿਚ ਹੀ ਪੈ ਗਿਆ ਸੀ ਅਤੇ 1928 ਵਿਚ ਬੰਬਈ ਵਿਚ ਟੈਕਸਟਾਈਲ ਵਰਕਰਾਂ ਦੀ ਹੜਤਾਲ ਸਮੇਂ ਐਸ.ਏ. ਡਾਂਗੇ ਵਰਗੇ ਟਰੇਡ ਯੂਨੀਅਨ ਲੀਡਰਾਂ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਅਤੇ ਦੁਖੀ ਹੋ ਕੇ ਅੰਬੇਦਕਰ ਨੇ ਕਮਿਊਨਿਸਟਾਂ ਤੋਂ ਸਦਾ ਲਈ ਪਾਸਾ ਵੱਟ ਗਿਆ ਸੀ।
ਰੌਏ ਅੱਗੇ ਲਿਖਦੀ ਹੈ – ਭਾਵੇਂ ਕਮਿਊਨਿਸਟ ਲੀਡਰ ਮਜ਼ਦੂਰ ਜਮਾਤ ਦੀ ਏਕਤਾ-ਸੰਗਠਨਤਾ ਦੇ ਹੱਕ ਵਿਚ ਕਿੰਨੇ ਲੰਮੇ ਚੌੜੇ ਪਰਿਵਚਨ-ਭਾਸ਼ਣ (Rhetoric) ਕਰਦੇ ਰਹਿਣ ਪਰ ਉਨ੍ਹਾਂ ਦੇ ਬੰਬਈ ਦੀਆਂ ਕੱਪੜਾ ਮਿੱਲਾਂ ਵਿਚ ਅਛੂਤ ਦਲਿਤਾਂ’ ਵਰਕਰਾਂ ਦੀ ਵੀਵਿੰਗ ਸੈਕਸ਼ਨਾਂ (weaving sections) ਵਿਚ ਕੰਮ ਕਰਨ ਉਤੇ ਮਿੱਲ ਮਾਲਕਾਂ ਵੱਲੋਂ ਰੋਕ (Ban) ਦਾ ਵਿਰੋਧ ਕਮਿਊਨਿਸਟਾਂ ਨੇ ਬਿਲਕੁੱਲ ਨਹੀਂ ਕੀਤਾ। ਇਸ ਮਸਲੇ ਨੂੰ ਛੂਹਿਆ ਤੱਕ ਨਹੀਂ।”ਇਸ ਦੀ ਅੱਗੇ ਵਿਆਖਿਆ ਕਰਦੀ ਉਹ ਲਿਖਦੀ ਹੈ ਕਿ ”ਕੱਪੜਾ ਬੁਣਨ ਵਾਲੇ (weaving section) ਵਰਕਰਾਂ ਦੀਆਂ ਤਨਖ਼ਾਹਾਂ ਜ਼ਿਆਦਾ ਸਨ, ਉਥੇ ਬੁਣਾਈ ਸਮੇਂ ਟੁਟਦੇ ਧਾਗਿਆਂ ਨੂੰ ਵਰਕਰ ਥੁੱਕ ਨਾਲ ਜੋੜਦੇ ਸਨ ਅਤੇ ਅਛੂਤ ਦਲਿਤ ਵਰਕਰਾਂ ਵੱਲੋਂ ਥੁੱਕ ਲਾ ਕੇ ਧਾਗਾ ਜੋੜਨ ਨੂੰ ਅਪਵਿੱਤਰ (Polluting) ਸਮਝਿਆ ਜਾਂਦਾ ਸੀ। ਇਸ ਤਰ੍ਹਾਂ, ਕਮਿਊਨਿਸਟ ਲਹਿਰ ਨੇ ਇੰਨੀ ਵੱਡੀ ਦਲਿਤ ਆਬਾਦੀ ਨੂੰ ਪਰ੍ਹੇ ਧੱਕੇ ਕੇ ਉਨ੍ਹਾਂ ਨੂੰ ਸੰਵਿਧਾਨਕ ਅਤੇ ਕਾਨੂੰਨੀ ਪ੍ਰਕਿਰਿਆ ਰਾਹੀਂ ਮੁਕਤੀ ਪ੍ਰਾਪਤ ਕਰਨ ਦੇ ਰਾਹ ਤੋਰ ਦਿੱਤਾ।”
ਅੰਬੇਦਕਰ ਨੇ ਸਮਝ ਲਿਆ ਸੀ ਕਿ ਹਿੰਦੂ ਧਾਰਮਿਕ ਵੇਦਾਂ-ਸ਼ਾਸਤਰਾਂ ਦੀ ਪ੍ਰਵਾਨਗੀ ਰਾਹੀਂ ਸਦੀਆਂ ਤੋਂ ਸੰਸਥਾਗਤ(institutionalised) ਕੀਤੇ ਅਛੂਤਪਣ (untouchability) ਅਤੇ ਘੋਰ ਸਮਾਜਿਕ ਨਾਬਰਾਬਰੀ ਦੇ ਹੁੰਦਿਆਂ ਅਛੂਤ ਦਲਿਤਾਂ ਦੇ ਸਮਾਜਿਕ ਅਤੇ ਸਿਵਲ ਹੱਕਾਂ ਦੀ ਪ੍ਰਾਪਤੀ ਲਈ ਕਮਿਊਨਿਸਟਾਂ ਵੱਲੋਂ ਪੇਸ਼ ઑਇਨਕਲਾਬ ਦੇ ਸੁਪਨੇ ਦੇ ਪੂਰੇ ਹੋਣ ਤੱਕ ਉਡੀਕਿਆ ਨਹੀਂ ਜਾ ਸਕਦਾ… ਅੰਬੇਦਕਰ ਨੇ ਇਕੱਲਿਆਂ ਹੀ ਆਪਣੀ ਮੁਹਿੰਮ ਵਿੱਢ ਦਿੱਤੀ ਸੀ। ਇਸ ਤਰ੍ਹਾਂ ਕਮਿਊਨਿਸਟਾਂ ਅਤੇ ਅੰਬੇਦਕਰ ਦਰਮਿਆਨ ਪਿਆ ਪਾੜਾ ਦੋਨਾਂ ਧਿਰਾਂ ਨੂੰ ਹੀ ਮਹਿੰਗਾ ਪਿਆ। ਦਰਅਸਲ, ਖੱਬੀ ਲਹਿਰ ਨੇ ਮੈਕਸ ਮੁਲਰ ਵਰਗੇ ‘ਇੰਡੋਲੋਜਿਸਟ’ (Indologist) ਅਤੇ ਯੂਰਪੀਅਨ ਬਸਤੀਵਾਦੀ ਇਤਿਹਾਸਕਾਰਾਂ ਵੱਲੋਂ ਪੇਸ਼ ਇਤਿਹਾਸ ਅਤੇ ਕਲਚਰ ਨੂੰ ਜਿਉਂ ਦੀ ਤਿਉਂ ਮੰਨ ਲਿਆ ਅਤੇ 19ਵੀਂ ਸਦੀ ਦੀ ਸਥਾਨਕ ਹਿੰਦੂ ਉਚ ਵਰਗ (elite) ਨੇ ਭਾਰਤ ਨੂੰ ਯੂਰਪੀ ਨਜ਼ਰੀਏ ਤੋਂ ‘ਨੇਸ਼ਨ’ ਪੇਸ਼ ਕਰਨ ਦੀਆਂ ਬਸਤੀਵਾਦੀ ਧਾਰਨਾਵਾਂ ਨੂੰ ਗਲੇ ਲਾ ਲਿਆ ਕਿਉਂਕਿ ਇਹ ਸਭ ਕੁਝ ਉਨ੍ਹਾਂ ਨੂੰ ਸਮਾਜਿਕ ਅਤੇ ਰਾਜਨੀਤਕ ਉਚ-ਰੁਤਬਾ ਬਖਸ਼ਦਾ ਸੀ। ਦਲਿਤ ਬੁੱਧੀਜੀਵੀ ਕੰਚਾਇਲੀਆਹ ਦੇ ਅਨੁਸਾਰ ઑਭਾਰਤੀ ਨੈਸ਼ਨਲਿਸਟਾਂ ਅਤੇ ਕਮਿਊਨਿਸਟਾਂ ਨੇ ਆਜ਼ਾਦੀ ਦੀ ਲਹਿਰ ਸਮੇਂ ਹਿਸਟਰੀ ਅਤੇ ਸਭਿਆਚਾਰ ਦੇ ਮੂਲ ਦੀ ਸੁਹਿਰਦ ਖੋਜ ਅਤੇ ਮੁੜ ਵਿਆਖਿਆ ਹੀ ਨਹੀਂ ਕੀਤੀ ਜਿਵੇਂ ਮਾਓ ਨੇ ਚੀਨ ਵਿਚ ਮੁੜ ਪੜਚੋਲ ਕਰਕੇ ਕਲਚਰ ਹਿਸਟਰੀ ਨੂੰ ਇਨਕਲਾਬ ਦਾ ਹਥਿਆਰ ਬਣਾ ਕੇ ਵਰਤਿਆ ਸੀ।
ਇਸੇ ਹੀ ਸਬੰਧ ਵਿਚ ਸੰਸਾਰ ਪ੍ਰਸਿੱਧ ਮਾਰਕਸਵਾਦੀ ਬੁੱਧੀਜੀਵੀ ਪੈਰੀ ਐਡਰਸਨ (Perry Anderson) ਆਪਣੀ ਕਿਤਾਬ ‘ਇੰਡੀਅਨ ਆਈਡਾਲੋਜੀ (The Indian Ideology) ਵਿਚ ਲਿਖਦਾ ਹੈ ਕਿ ‘ਇੰਡੀਆ’ (ਭਾਰਤ) ਦਾ ਵਿਚਾਰ ਹੀ ਆਪਣੇ ਆਪ ਵੀ ਯੂਰਪ ਤੋਂ ਆਈ ਸ਼ਬਦਾਬਦੀ ਹੈ। ਇਹ ਨਾਮ ਦੇਸ਼ ਅੰਦਰ ਲੋਕਲ ਪੱਧਰ ਉਤੇ ਕਿਸੇ ਸਮੇਂ ਜਾਂ ਸਥਾਨ ਉਤੇ ਨਹੀਂ ਪੈਦਾ ਹੋਇਆ… ਦੇਸ਼ ਦੀ ਕਿਸੇ ਬੋਲੀ ਵਿਚ ਇਹ ઑਸ਼ਬਦ ਨਹੀਂ ਮਿਲਦਾ … ਯੂਨਾਨੀਆਂ (Greeks) ਵੱਲੋਂ ‘ਇੰਡੀਆ’ ਸ਼ਬਦ ਘੜਿਆ ਗਿਆ ਜਿਹੜਾ 16ਵੀਂ ਸਦੀ ਤੱਕ ਯੂਰਪੀਅਨਾਂ ਦੇ ਜ਼ਿਹਨ ਵਿਚ ਨਹੀਂ ਵੜਿਆ ਅਤੇ ਉਹ ਭਾਰਤੀ ਉਪ-ਮਹਾਂਦੀਪ ਦੇ ਵਸਿੰਦਿਆਂ ਨੂੰ ਅਮਰੀਕਸ (Americas) ਹੀ ਕਹਿੰਦੇ ਰਹੇ। ਪੈਰੀ ਐਡਰਸਨ ਨਾਮਵਰ ਹਿਸਟੋਰੀਅਨ ਹੈ ਅਤੇ 1962 ਤੋਂ ‘ਨਿਊ ਲੈਫਟ ਰੀਵਿਊ’ ਦਾ ਐਡੀਟਰ ਹੈ। ਉਸ ਨੇ ਲਿਖਿਆ ‘ਭਾਰਤ ਅੰਗਰੇਜ਼ਾਂ ਦੇ ਆਉਣ ਤੋਂ ਪਹਿਲਾਂ (ਪਰੀ-ਮਾਡਰਨ ਟਾਇਮਜ਼ ਵਿਚ) ਕਦੇ ਵੀ ‘ਇਕ ਸਿਆਸੀ ਅਤੇ ਸਭਿਆਚਾਰਕ ਯੂਨਿਟ ਨਹੀਂ ਰਿਹਾ…ਇਤਿਹਾਸ ਦੇ ਵੱਖ ਵੱਖ ਦੌਰਾਂ ਵਿਚ ਭਾਰਤੀ ਉਪ-ਮਹਾਦੀਪ ਛੋਟੇ ਵੱਡੇ ਰਾਜਾਂ ਅਤੇ ਸਲਤਨਤਾਂ ਵਿਚ ਵੰਡਿਆ ਰਿਹਾ।”
ਅੱਗੇ ਚੱਲ ਕੇ ਇਹ ਲਿਖਦਾ ਹੈ -‘ਆਜ਼ਾਦੀ ਦੀ ਲਹਿਰ ਦੌਰਾਨ ਕਾਂਗਰਸ ਦੇ ਲੀਡਰਾਂ ਅਤੇ ਮਹਾਤਮਾ ਗਾਂਧੀ ਨੇ ਕਹਿਣਾ ਸ਼ੁਰੂ ਕਰ ਦਿੱਤਾ ਸੀ ਕਿ ਇੰਡੀਆ ਹਮੇਸ਼ਾ ਇਕ ਰਿਹਾ ਅਤੇ ਕੁਦਰਤ ਨੇ ਇਸ ਨੂੰ ਨਾ ਵੰਡੇ ਜਾਣ ਵਾਲੀ ਧਰਤੀ ਦਾ ਖਿੱਤਾ ਬਖਸ਼ਿਆ…ਅੰਗਰੇਜ਼ਾਂ ਦੇ ਆਉਣ ਤੋਂ ਕਿੱਤੇ ਪਹਿਲਾਂ ਅਸੀਂ ਇਕ ਨੇਸ਼ਨ ‘ਕੌਮ’ ਸਾਂ।”
ਅਸਲ ਵਿਚ ਪੈਰੀ ਐਂਡਰਸਨ ਅਨੁਸਾਰ ਕਾਂਗਰਸ ਦੇ ਲੀਡਰਾਂ ਨੇ ‘ਨੇਸ਼ਨ’ ਦਾ ਸੰਕਲਪ ਹੀ ਯੂਰਪ ਤੋਂ ਲਿਆ ਸੀ ਜਿਹੜਾ ਇੰਡੀਆ ਦੀ ਧਰਤੀ ਉਤੇ ਪਹਿਲਾਂ ਕਦੇ ਪੈਦਾ ਹੀ ਨਹੀਂ ਹੋਇਆ।ਪੰਡਿਤ ਨਹਿਰੂ ਵੱਲੋਂ ਨੈਸ਼ਨਲਿਸਟ ਪਰਿਪੇਖ ਵਿਚ ਲਿਖੀ ਹਿਸਟਰੀ ਡਿਸਕਵਰੀ ਆਫ਼ ਇੰਡੀਆ (Discovery of India) ਦੀ ਖਿੱਲੀ ਉਡਾਉਂਦਿਆਂ ਪੈਰੀ ਐਂਡਰਸਨ ਲਿਖਦਾ ਹੈ -‘ਨਹਿਰੂ ਅਦਭੁਤ ਕਿਆਫ਼ੇ ਪੇਸ਼ ਕਰਦਾ ਹੈ ਕਿ ਭਾਰਤ ਦੀ ਸਭਿਅਤਾ 6000 ਸਾਲਾਂ ਤੋਂ ਵੀ ਪੁਰਾਣੀ ਤੇ ਅੱਜ ਤੱਕ ਉਸੇ ਤਰ੍ਹਾਂ ਚਲੀ ਆ ਰਹੀ ਹੈ…ਜਦੋਂ ਇਹ ਸਭਿਅਤਾ ਪੈਦਾ ਹੋਈ ਸੀ, ਉਦੋਂ ਇਸ ਵਿਚ ਇਕ ਕੌਮ ਬਣਨ ਦੇ ਸੁਪਨੇ ਸਿਰਜੇ ਜਾ ਚੁੱਕੇ ਸਨ। ਅਸਲੀਅਤ ਤਾਂ ਇਹ ਹੈ ਕਿ ਭਾਰਤੀ ਉਪ ਮਹਾਂਦੀਪ ਵਿਚ ਤਿੰਨ ਵੱਡੀਆਂ ਸਲਤਨਤਾਂ ਪੈਦਾ ਹੋਈਆਂ ਜਿਨ੍ਹਾਂ ਵਿਚੋਂ ਨਹਿਰੂ ਵੱਲੋਂ ਲਿਖੀ ਹਿਸਟਰੀ ਵਿਚ ਦਿੱਤੇ ਖੇਤਰ (ਟੈਰੀਟਰੀ) ਤੋਂ ਘੱਟ ਏਰੀਏ ਵਿਚ ਫੈਲੀਆਂ ਸਨ। ਮੌਰੀਆ ਅਤੇ ਮੁਗਲਾਂ ਦੀ ਰਾਜ ਸੱਤਾ ਮੌਜੂਦਾ ਅਫ਼ਗਾਨਿਸਤਾਨ ਤੱਕ ਫੈਲੀ ਸੀ ਪਰ ਬਹੁਤਾ ਦੱਖਣ ਉਸ ਦੇ ਕਬਜ਼ੇ ਤੋਂ ਬਾਹਰ ਸੀ ਅਤੇ ਮਨੀਪੁਰ ਦੇ ਤਾਂ ਨੇੜੇ ਤੇੜੇ ਵੀ ਉਹ ਨਹੀਂ ਲਗਦੀ ਸੀ ਅਤੇ ਗੁਪਤਾ ਸਲਤਨਤ ਤਾਂ ਇਨ੍ਹਾਂ ਤੋਂ ਵੀ ਛੋਟੀ ਸੀ।
ਜਿਵੇਂ ਹਿਸਟੋਰੀਅਨ ਬੀ.ਬੀ. ਮਿਸਰਾ ਕਹਿੰਦਾ ਹੈ, ”ਉਪ ਮਹਾਂਦੀਪ ਅਨੇਕਾਂ ਟੁਕੜਿਆਂ ਵਿਚ ਵੰਡਿਆ ਹੋਇਆ ਸੀ ਇਸ ਕਰਕੇ ਅੰਗਰੇਜ਼ਾਂ ਨੂੰ ਮੁਲਕ ਜਿੱਤਣ ਦੀ ਕੋਈ ਵੱਡੀ ਅੜਿੱਚਣ ਨਹੀਂ ਆਈ, ਸਗੋਂ ਦੇਸ਼ ਅੰਦਰਲੇ ਫੌਜੀਆਂ ਨੇ ਸਾਰੀ ਟੈਰੇਟਰੀ ਜਿੱਤ ਕੇ ਅੰਗਰੇਜ਼ਾਂ ਦੀ ਝੋਲੀ ਪਾ ਦਿੱਤੀ।” ਇਨ੍ਹਾਂ ਤੱਥਾਂ ਤੋਂ ਸਪੱਸ਼ਟ ਹੈ ਕਿ ”ਇਕ ਕੌਮ” ਦਾ ਤਸੱਵਰ 19ਵੀਂ ਸਦੀ ਦੇ ਪਹਿਲੇ ਅੱਧ ਤੱਕ ਭਾਰਤੀਆਂ ਦੇ ਮਨਾਂ ਵਿਚ ਨਹੀਂ ਸੀ।
ਪੈਰੀ ਐਡਰਸਨ ਮੁਤਾਬਕ -1920ਵੇਂ ਵਿਚ ਮਹਾਤਮਾ ਗਾਂਧੀ ਦੀ ਸ਼ਮੂਲੀਅਤ ਬਾਅਦ ਕਾਂਗਰਸ ਆਪਣੇ ਕਾਰ ਵਿਹਾਰ, ਸੋਚ ਸਮਝ ਅਤੇਅੰਗਰੇਜ਼ਾਂ ਵਿਰੁੱਧ ਅੰਦੋਲਨ ਕਰਨ ਦੇ ਤੌਰ ਤਰੀਕਿਆਂ (functioning and ethos) ਵਿਚ ਹਿੰਦੂ ਪਾਰਟੀ ਬਣ ਗਈ ਸੀ। ਕਾਂਗਰਸ ਦਾ ਹਿੰਦੂਕਰਨ ਹੋਣ ਕਰਕੇ ਹੀ 1947 ਵਿਚ ਦੇਸ ਦੀ ਵੰਡ ਹੋਈ।
ਹਿੰਦੂ ਨੇਸ਼ਨ ਸਟੇਟ ਦਾ ਪੁਜਾਰੀ ਗਿਰੀ ਲਾਲ ਜੈਨ, ਜਿਹੜਾ ਟਾਈਮਜ਼ ਆਫ਼ ਇੰਡੀਆ ਦਾ ਐਡੀਟਰ ਰਿਹਾ , ਨੇ ਆਪਣੀ ਪੁਸਤਕ ਹਿੰਦੂ ਫਿਨੋਮਨਾਂ (The Hindu Phenomenon) ਵਿਚ ਦੇਸ਼ ਦੀ ਵੰਡ ਨੂੰ ਸਹੀ ਦਰਸਾਉਂਦਿਆਂ ਕਿਹਾ, ”ਪੰਦਰਾਂ ਅਗਸਤ 1947 ਹਿੰਦੂਆਂ ਦੀ ਚੜ੍ਹਤ ਵਿਚ ਮੀਲ ਪੱਥਰ ਹੈ ਜਦੋਂ ਇਕ ਆਜ਼ਾਦ ਭਾਰਤ ਨੇਸ਼ਨ ਸਟੇਟ ਦਾ ਉਦੈ ਹੋਇਆ।” ਅੱਗੇ ਉਹ ਲਿਖਦਾ ਹੈ ”ਅੰਗਰੇਜ਼ੀ ਸ਼ਾਸਨ ਹਿੰਦੂਆਂ ਲਈ ਵਰਦਾਨ ਬਣਕੇ ਆਇਆ ਜਿਸ ਨੇ ਮੁਸਲਮਾਨਾਂ ਨੂੰ ਹਮੇਸ਼ਾ ਲਈ ਨਿਹੱਥੇ ਅਤੇ ਕਮਜ਼ੋਰ ਕਰ ਦਿੱਤਾ।
ਹੈਰਾਨੀ ਹੈ ਕਿ ਉਸ ਸਮੇਂ ਤੋਂ ਲੈ ਕੇ ਅੱਜ ਤੱਕ ਖੱਬੀ ਲਹਿਰ ਦਾ ਵੱਡਾ ਹਿੱਸਾ ਖ਼ਾਸ ਕਰਕੇ ਸੀਪੀਆਈ ਕਾਂਗਰਸ ਪਾਰਟੀ ਵਿਚ ਸੈਕੂਲਰ ਤੱਤਾਂ ਨੂੰ ਖੋਜਦੀ ਆ ਰਹੀ ਹੈ ਅਤੇ ਇਸ ਤੱਥ ਦਾ ਅੱਜ ਤੱਕ ਕਦੇ ਕਮਿਊਨਿਸਟ ਸਫਾਂ ਵਿਚ ਜ਼ਿਕਰ ਤਕ ਵੀ ਨਹੀਂ ਹੋਇਆ ਕਿ ਦੇਸ਼ ਅੰਦਰਲੀਆਂ ਰਿਆਸਤਾਂ ਨੂੰ ਭਾਰਤੀ ਸਟੇਟ ਵਿਚ ਰਲਾਉਣ ਸਮੇਂ ਜਦੋਂ ਹੈਦਰਾਬਾਦ ਨਿਜ਼ਾਮ ਨੇ ਕੁਝ ਸ਼ਰਤਾਂ ਮੜ੍ਹਨ ਦੀ ਕੋਸ਼ਿਸ਼ ਕੀਤੀ ਤਾਂ ਨਹਿਰੂ ਪਟੇਲ ਨੇ 1949 ਵਿਚ ਫੌਜ ਭੇਜ ਕੇ ਹੈਦਰਾਬਾਦ ਉਤੇ ਕਬਜ਼ਾ ਕਰ ਲਿਆ ਪਰ ਉਸ ਫੌਜੀ ਚੜ੍ਹਾਈ ਨੂੰ ‘ਪੁਲਿਸ ਐਕਸ਼ਨ’ ਦਾ ਨਾਮ ਹੀ ਦਿੱਤਾ। ਬਾਅਦ ਵਿਚ, ਪੈਰੀ ਐਂਡਰਸਨ ਲਿਖਦਾ ਹੈ (ਸਫ਼ਾ 90, 91) ”ਮੁਸਲਮਾਨਾਂ ਦਾ ਕਤਲੇਆਮ ਕੀਤਾ ਗਿਆ। ਇਹ ਮਾਰਕਾਟ ਅਤੇ ਔਰਤਾਂ ਦੇ ਬਲਾਤਕਾਰ ਕਈ ਦਿਨ ਚੱਲਦੇ ਰਹੇ।” ਨਾਮਵਰ ਇਤਿਹਾਸਕਾਰ ਵਿਲੀਅਮ ਡਾਲਰਿਮਪਲ ਵੀ ਇਸ ਫਿਰਕੂ ਹਿੰਸਾ ਦਾ ਲੰਮਾ ਚੌੜਾ ਉਲੇਖ ਕਰਦਾ ਅਤੇ ਨਵੰਬਰ, 2012 ਵਿਚ ‘ਟਾਈਮਜ਼ ਆਫ਼ ਇੰਡੀਆ ਦੇ ‘ਸੰਡੇ ਕਾਲਮ’ ਵਿਚ ਸਵਾਮੀ ਅਖਲੇਸ਼ਵਰ ਅਈਅਰ ਇਤਰਾਜ਼ ਕਰਦਾ ਹੈ ”ਕਿ ਹੈਦਰਾਬਾਦ ਕਤਲੇਆਮ ਉਤੇ ਪ੍ਰੋਫੈਸਰ ਸੁੰਦਰ ਲਾਲ ਕਮਿਸ਼ਨ ਦੀ ਇਨਕੁਆਰੀ ਰਿਪੋਰਟ ਕੇਂਦਰੀ ਸਰਕਾਰ ਨੇ 65 ਸਾਲਾਂ ਬਾਅਦ ਵੀ ਅਜੇ ਕਿਉਂ ਛੁਪਾ ਕੇ ਰੱਖੀ ਹੋਈ ਹੈ?” ਉਸ ਨੇ ਲਿਖਿਆ ਹੈ ਕਿ ਮਾਰੇ ਗਏ ਲੋਕਾਂ ਦੀ ਗਿਣਤੀ 45,000 ਤੋਂ ਇਕ ਲੱਖ ਤੱਕ ਹੋ ਸਕਦੀ ਹੈ। ਪਰ ਨਹਿਰੂ ਨੇ ਉਨ੍ਹਾਂ ਦਿਨਾਂ ਵਿਚ ਐਲਾਨ ਕੀਤਾ ਸੀ ਕਿ ਭਾਰਤ ਦੀ ਹੈਦਰਾਬਾਦ ‘ਚ ਹੋਈ ਜਿੱਤ ਨੂੰ ਕਿਸੇ ਫਿਰਕਾਪ੍ਰਸਤ ਘਟਨਾ ਨੇ ਧੁੰਦਲਾ ਨਹੀਂ ਕੀਤਾ।” ਕਾਨੂੰਨੀ ਮਾਹਿਰ ਏ ਜੀ ਨੂਰਾਨੀ (A.G. Noorani) ਲਿਖਦਾ ਹੈ ਕਿ ”ਨੇਸ਼ਨ ਸਟੇਟ ਬਣਾਉਣ ਦੀ ਪ੍ਰਕਿਰਿਆ ਵਿਚ ਜੋ ਵਰਤਾਰਾ ਹੈਦਰਾਬਾਦ ‘ਚ ਵਾਪਰਿਆ, ਉਸ ਬਾਰੇ ઑઑਇਕ ਵੀ ਭਾਰਤੀ ਬੁੱਧੀਜੀਵੀ ਲਿਖਣ ਦੀ ਹਿੰਮਤ ਨਹੀ ਰੱਖਦਾ”।
ਨੇਸ਼ਨ ਸਟੇਟ ਉਸਾਰਨ ਦੇ ਅਮਲ ਬਾਰੇ ਮਸ਼ਹੂਰ ਬੁੱਧੀਜੀਵੀ ਅਸ਼ੀਸ਼ ਨੰਦੀ ਕਹਿੰਦਾ ਹੈ – ‘ਨੇਸ਼ਨ ਸਟੇਟ’ ਦੀ ਵਿਚਾਰਧਾਰਾ ਹੀ ਬਸਤੀਵਾਦੀ ਸ਼ਾਸਕਾਂ ਨੇ ਲਿਆਂਦੀ। ਇਹ ਸੰਕਲਪ ਦੇਸ਼ ਅੰਦਰ ਸਾਰੀ ਇਤਿਹਾਸਕ ਅਤੇ ਸਭਿਆਚਾਰਕ ਭਿੰਨਤਾ ਨੂੰ ਮਲੀਆਮੇਟ ਕਰਕੇ ਕਲਚਰਲ ਵਿਚਾਰਧਾਰਕ ਇਕਸੁਰਤਾ (ideological homogenization) ਪੈਦਾ ਕਰਨ ਦੇ ਉਪਰਾਲੇ ਕਰਦਾ ਹੈ। ਨੈਸ਼ਨਲ ਸੁਰੱਖਿਆ ਅਤੇ ਵਿਕਾਸ ਦੋ ਵੱਡੇ ਥੀਮਜ਼ ਦੁਆਲੇ ਨੈਸ਼ਨਲਿਸਟਿਕ ਨੈਰੇਟਿਵ (Nationalistic Narrative) ਸਿਰਜ ਕੇ ਸਟੇਟ ਆਪਣਾ ਦਬ ਦਬਾ ਅਤੇ ਦਮਨਕਾਰੀ ਨੀਤੀਆਂ ਨੂੰ ਲੋਕਾਂ ‘ਚ ‘ਸਹੀ’ ਸਿਧ ਕਰਦੀ ਰਹਿੰਦੀ ਹੈ। ‘ਨੇਸ਼ਨ ਸਟੇਟ’ ਦੀ ਉਸਾਰੀ ਦੀ ਪ੍ਰਕਿਰਿਆ ਵਿਚ ਕੇਂਦਰੀ ਸ਼ਾਸਕਾਂ ਵੱਲੋਂ ਭਿੰਨ ਭਿੰਨ ਖੇਤਰਾਂ ਵਿਚ ਠੋਸੀਆਂ ਵਿਚਾਰਧਾਰਕ-ਕਲਚਰਲ ਇਕਸੁਰਤਾ’ ਵਾਲੀਆਂ ਪਾਲਿਸੀਆਂ ਦਾ ਖੱਬੀ ਲਹਿਰ ਨੇ ਕਦੇ ਵਿਰੋਧ ਨਹੀਂ ਕੀਤਾ, ਨਾ ਹੀ ਇਸ ਉਪਰ ਡੀਬੇਟ ਖੜ੍ਹੀ ਕੀਤੀ ਹੈ। ਜਿਵੇਂ ਗਾਂਧੀ, ਨਹਿਰੂ ਪਟੇਲ ਤੋਂ ਲੈ ਕੇ ਅੱਜ ਤੱਕ ਕੇਂਦਰੀ ਲੀਡਰ ਸਿੱਖ ਭਾਈਚਾਰੇ ਨੂੰ ‘ਵਿਸ਼ਾਲ ਹਿੰਦੂ ਸਮਾਜ’ ਦਾ ਹਿੱਸਾ ਮੰਨਦੇ ਆ ਰਹੇ ਹਨ ਪਰ ਬਹੁਗਿਣਤੀ ਸਿੱਖ ਫਿਰਕਾ ਇਸ ਨੂੰ ਸਰਕਾਰੀ ਸਾਜ਼ਿਸ਼ ਪ੍ਰਚਾਰ ਕਹਿੰਦਾ ਆ ਰਿਹਾ ਹੈ। ਪਰ ਖੱਬੀ ਲਹਿਰ ਦੇ ਲੀਡਰਾਂ ਨੇ ਇਸ ਸਬੰਧੀ ਅਤੇ ‘ਸਿੱਖ ਪਹਿਚਾਣ ਨਾਲ ਜੁੜੀਆਂ ਹੋਰ ਮੰਗਾਂ-ਆਨੰਦ ਮੈਰਿਜ ਐਕਟ, ਸੰਵਿਧਾਨ ਦੀ ਧਾਰਾ 25-ਬੀ ‘ਚ ਤਰਮੀਮ ਅਤੇ ਸਿੱਖ ਪਰਸਨਲ ਲਾਅ ਆਦਿ ਬਾਰੇ ਆਪਣੀ ਪੁਜੀਸ਼ਨ ਕਦੇ ਸਪੱਸ਼ਟ ਨਹੀਂ ਕੀਤੀ।
ਭਾਰਤੀ ਖੱਬੀ ਲਹਿਰ ਦੀਆਂ ਕਮਜ਼ੋਰੀਆਂ ਦੀ ਚਰਚਾ ਕਰਦਾ ਪੈਰੀ ਐਡਰਸਨ ਲਿਖਦਾ ਹੈ ਕਿ ਉਸ ਨੇ ઑਸਟੇਟ ਨਾਲ ਵੇਦਾਂ ਮਿੱਥਾਂ ਅਧਾਰਤ ਧਰਮ ਦੇ ਰਲੇਵੇਂ (fusion) ਦਾ ਮੁੱਢ ਤੋਂ ਹੀ ਵਿਰੋਧ ਨਹੀਂ ਕੀਤਾ। ਕੇਂਦਰੀ ਹਾਕਮਾਂ ਵੱਲੋਂ ਅਪਣਾਏ ‘ਨੇਸ਼ਨ ਸਟੇਟ’ ਦੇ ਸੰਕਲਪ ਨੂੰ ਆਤਮਸਾਤ ਕਰਦਿਆਂ ਖੱਬੀ ਲਹਿਰ ਨੇ ਵੱਖਰੇ ਵੱਖਰੇ ਇਲਾਕਿਆਂ ਵਿਚ ਸਵੈਮਾਨ ਅਤੇ ਸਭਿਆਚਾਰਕ ਪ੍ਰਫੁਲਤਾ ਅਤੇ ਆਜ਼ਾਦੀ ਨੂੰ ਲੈ ਕੇ ਖੜ੍ਹੀਆਂ ਹੋਈਆਂ ਲਹਿਰਾਂ ਨੂੰ ਸਰਕਾਰੀ ਦਮਨ-ਜ਼ਬਰ ਨਾਲ ਦਬਾਉਣ ਦੇ ਅਮਲ ਦਾ ਵਿਰੋਧ ਨਹੀਂ ਕੀਤਾ। ਜਿਸ ਕਰਕੇ ਕਮਿਊਨਿਸਟਾਂ ਦਾ ਲੋਕ ਪੱਖੀ ਅਕਸ ਧੁੰਦਲਾ ਹੋ ਗਿਆ ਅਤੇ ਸੱਤਾ ਦੀ ਦੌੜ ‘ਚ ਸ਼ਾਮਿਲ ਉਨ੍ਹਾਂ ਦੇ ਲੀਡਰ ਸਿਆਸੀ ਅਤੇ ਅਮਲੀ ਜ਼ਿੰਦਗੀ ਵਿਚ ਕਾਂਗਰਸ ਅਤੇ ਭਾਜਪਾ ਵਰਗੀਆਂ ਪਾਰਟੀਆਂ ਦੇ ਨੇਤਾਵਾਂ ਨਾਲੋਂ ਵੱਖਰੇਵਾਂ ਨਾ ਰੱਖ ਸਕੇ। ਸੁਭਾਵਕ ਹੀ, ਖੱਬੀ ਲਹਿਰ ਦੇਸ਼ ਵਿਚ ਹਾਸ਼ੀਏ ਉਤੇ ਆ ਗਈ ਅਤੇ ਪੰਜਾਬ ਵਿਚ ਤਾਂ ਕੇਂਦਰੀ ਸ਼ਾਸਕਾਂ ਦਾ ‘ਪਿਛਲੱਗੂ ਰੋਲ’ ਅਦਾ ਕਰਨ ਕਰਕੇ, ਖੱਬੀ ਲਹਿਰ ਆਪਣਾ ਵਜੂਦ ਹੀ ਖੋ ਬੈਠੀ ਅਤੇ ਪੁਰਾਣੀਆਂ ਧਾਰਨਾਵਾਂ ਅਤੇ ਬੁੱਢੀ ਸਮਝ ਵਿਚ ਫਸੀ ਇਨਕਲਾਬੀ ਕਮਿਊਨਿਸਟ ਲਹਿਰ ਦੇ ਸੁਰਜੀਤ ਹੋਣ ਦੀਆਂ ਸੰਭਾਵਨਾਵਾਂ ਬਹੁਤ ਮੱਧਮ ਹਨ।